ਪਾਕਿ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਇਸ ਦਹਿਸ਼ਤੀ ਮਾਡਿਊਲ ਨੂੰ ਬੀ.ਕੇ.ਆਈ. ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ
ਸੂਬਾ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
ਗ੍ਰਿਫਤਾਰ ਵਿਅਕਤੀ ਹੋਰ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਰਚ ਰਹੇ ਸਨ ਸਾਜ਼ਿਸ਼: ਏਆਈਜੀ ਸੁਖਮਿੰਦਰ ਮਾਨ
ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ:
ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਵੱਲੋਂ ਆਪਰੇਟ ਕੀਤੇ ਜਾ ਰਹੇ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ, ਜਿਸਨੂੰ ਵਿਦੇਸ਼-ਅਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ (ਨਾਬਾਲਗ ਸਮੇਤ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਉਕਤ ਦੋਵੇਂ ਮੁਲਜ਼ਮਾਂ ਨੇ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ (ਆਈ.ਈ.ਡੀ.) ਰੱਖਣ ਸਬੰਧੀ ਆਪਣੇ ਜ਼ੁਰਮ ਨੂੰ ਕਬੂਲਿਆ ਹੈ।
ਜ਼ਿਕਰਯੋਗ ਹੈ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ ਡੈਨੀ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਚੀਨੀ ਪੀ 86 ਹੈਂਡ ਗ੍ਰੇਨੇਡ ਅਤੇ ਤੁਰਕੀ ਦੀ ਬਣੀ ਇੱਕ ਆਧੁਨਿਕ 9 ਐੱਮ ਐੱਮ ਜ਼ੀਗਾਨਾ ਪਿਸਤੌਲ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।
ਦੱਸਣਯੋਗ ਹੈ ਕਿ ਇਹ ਸਫ਼ਲਤਾ 23 ਨਵੰਬਰ, 2024 ਨੂੰ ਅਜਨਾਲਾ ਪੁਲਿਸ ਥਾਣੇ ਨੇੜੇ ਲਗਾਏ ਗਏ ਆਈ.ਈ.ਡੀ. ਦੀ ਬਰਾਮਦਗੀ ਤੋਂ ਤਿੰਨ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਅੱਤਵਾਦੀ ਸੰਗਠਨ ਬੀ.ਕੇ.ਆਈ ਨੇ ਮੀਡੀਆ ਪਲੇਟਫਾਰਮ ‘ਤੇ ਇਸ ਦਹਿਸ਼ਤੀ ਕਾਰਵਾਈ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੁਰਦੇਵ ਜੈਸਲ, ਜੋ ਉਨ੍ਹਾਂ ਨੂੰ ਕੰਮ ਦੇ ਬਦਲੇ ਪੈਸੇ ਅਤੇ ਨਸ਼ਿਆਂ ਦਾ ਲਾਲਚ ਦਿੰਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਅੱਗੇ ਕਿਹਾ ਕਿ ਜੈਸਲ ਨੇ ਅੱਤਵਾਦੀ ਗਤੀਵਿਧੀਆਂ ਦੀ ਸਾਜਿਸ਼ ਘੜਨ ਤੋਂ ਇਲਾਵਾ ਉਕਤ ਦੋਵੇਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵੀ ਵਰਤਿਆ।
ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵਾਂ ਵਿਅਕਤੀਆਂ ਨੇ ਆਪਣੇ ਸੰਚਾਲਕ ਦੇ ਨਿਰਦੇਸ਼ਾਂ ‘ਤੇ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਆਈ.ਈ.ਡੀ. ਰੱਖਣ ਦਾ ਜ਼ੁਰਮ ਕਬੂਲਿਆ ਹੈ ਅਤੇ ਨਾਲ ਹੀ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀਆਂ ਵੱਖ-ਵੱਖ ਖੇਪਾਂ ਪ੍ਰਾਪਤ ਹੋਈਆਂ ਸਨ।
ਡੀਜੀਪੀ ਨੇ ਕਿਹਾ ਕਿ ਰਿੰਦਾ, ਹੈਪੀ ਪਾਸੀਆਂ ਅਤੇ ਜੈਸਲ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੂਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਮਾਮਲੇ ਨੂੰ ਤਰਕਪੂਰਨ ਸਿੱਟੇ ‘ਤੇ ਪਹੁੰਚਾਇਆ ਜਾ ਸਕੇ।
ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹਰਵਿੰਦਰ ਸਿੰਘ ਰਿੰਦਾ, ਹੈਪੀ ਪਾਸੀਆਂ ਅਤੇ ਗੁਰਦੇਵ ਜੈਸਲ ਨੇ ਆਪਣੇ ਸਾਥੀਆਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਦੇ ਖੇਤਰਾਂ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਾਮਬੰਦ ਕਰਕੇ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਉਨ੍ਹਾਂ ਵਾਸਤੇ ਹਥਿਆਰਾਂ ਅਤੇ ਵਿਸਫੋਟਕਾਂ ਦੀ ਵੱਡੀ ਖੇਪ ਦਾ ਪ੍ਰਬੰਧ ਵੀ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫ਼ੀਆ ਆਧਾਰ ‘ਤੇ ਕਾਰਵਾਈ ਸ਼ੁਰੂ ਕੀਤੀ ਅਤੇ ਮੁਲਜ਼ਮ ਜਸ਼ਨਦੀਪ ਡੈਨੀ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਅੰਮ੍ਰਿਤਸਰ ਦੇ ਖੇਤਰ ਤੋਂ ਗ੍ਰਿਫਤਾਰ ਕਰ ਲਿਆ।
ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਮਈ 2024 ਵਿੱਚ ਵੀ ਜਸ਼ਨਦੀਪ ਡੈਨੀ ਨੂੰ ਬਟਾਲਾ ਪੁਲੀਸ ਨੇ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ ਜ਼ਮਾਨਤ ਮਿਲਣ ਮਗਰੋਂ ਜਸ਼ਨਦੀਪ ਮੁੜ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ ਸੀ। ਇਸੇ ਤਰ੍ਹਾਂ ਨਾਬਾਲਗ ਵਿਅਕਤੀ ਨੂੰ ਵੀ ਪਹਿਲਾਂ ਅਗਸਤ 2024 ਵਿੱਚ ਅੰਮ੍ਰਿਤਸਰ ਸਿਟੀ ਪੁਲੀਸ ਵੱਲੋਂ ਐਕਟਿਵਾ ਸਕੂਟਰ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਨਾਬਾਲਗ ਹੋਣ ਕਾਰਨ ਉਸ ਨੂੰ ਕੁਝ ਦਿਨਾਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਸਮੱਗਰੀ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਅਤੇ 111 ਤਹਿਤ ਐਫਆਈਆਰ ਨੰਬਰ 69 ਮਿਤੀ 13.12.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।