ਪੰਜਾਬ ਵਿੱਚ ਨਸ਼ੇ ਖਿਲਾਫ਼ ਬੋਲਣ ਕਾਰਨ ਕਤਲ ਕੀਤੇ 3 ਵਿਅਕਤੀਆਂ ਦੇ ਪਰਿਵਾਰ ਨੂੰ ਮਿਲ ਰਹੇ ਹਨ ਅਮਿਤ ਸ਼ਾਹ
ਪੰਜਾਬ ਵਿੱਚ ਨਸ਼ਾ ਮਾਫ਼ੀਆ ਹੱਥੋਂ ਆਪਣੇ ਪਰਿਵਾਰ ਦੇ ਜੀਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਨੂੰ ਮਿਲਣ ਦੀ ਕੜੀ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਵਿੱਚ ਪਹਿਲੇ ਪਰਿਵਾਰ ਨੂੰ ਮਿਲੇ। ਉਨ੍ਹਾਂ ਜ਼ਿਲ੍ਹੇ ਦੇ ਪਿੰਡ ਮਾੜੀ ਪੰਨੂਆਂ ਵਿੱਚ ਪਿਛਲੇ ਦਿਨੀ ਨਸ਼ਾ ਮਾਫ਼ੀਆ ਵਲੋਂ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕਰੀਬ 15 ਮਿੰਟ ਦੀ ਇਸ ਮੁਲਾਕਾਤ ਦੌਰਾਨ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪਰਿਵਾਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਫਤਿਹਜੰਗ ਬਾਜਵਾ, ਜਨਰਲ ਸਕੱਤਰ ਰਾਜੇਸ਼ ਬਾਘਾ ਤੇ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਵੀ ਹਾਜ਼ਰ ਸਨ।
ਗ੍ਰਹਿ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ, ਅਤੇ ਨਸ਼ਿਆ ਖਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾਵੇਗੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਪਰਿਵਾਰ ਨੂੰ ਨਿਆਂ ਦਾ ਭਰੋਸਾ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਵੀ ਸੀਬੀਆਈ ਜਾਂਚ ਕਰਵਾਉਣਗੇ।
ਬਿਕਰਮਜੀਤ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮਾਨਸਾ ਲਈ ਰਵਾਨਾ ਹੋ ਗਏ, ਜਿੱਥੇ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।


