ਕਿਸਾਨਾਂ ਨੂੰ ਰੇਲਵੇ/ਸੜਕਾਂ ਨੂੰ ਨਾ ਰੋਕਣ ਦੀ ਸਲਾਹ ਦਿੱਤੀ, ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਆਉਂਦੀਆਂ ਹਨ
ਲੁਧਿਆਣਾ, 9 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਹਮੇਸ਼ਾ ਟਕਰਾਅ ਵਿੱਚ ਨਹੀਂ ਸਗੋਂ ਸੁਲ੍ਹਾ ਵਿੱਚ ਵਿਸ਼ਵਾਸ ਰੱਖਦੀ ਹੈ।
ਉਹ ਪੱਤਰਕਾਰਾਂ ਵੱਲੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਤਰਫੋਂ ਕਿਸਾਨਾਂ ਨੂੰ ਦਿੱਤੀ ਚੁਣੌਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਹ ਪਿੰਡਾਂ ਵਿੱਚ ਜਾਣਗੇ, ਜੇਕਰ ਕਿਸੇ ਵਿੱਚ ਹਿੰਮਤ ਹੈ ਤਾਂ ਰੋਕੇ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਹਰ ਕਿਸੇ ਨੂੰ ਜਿੱਥੇ ਚਾਹੇ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸੇ ਵੀ ਟਕਰਾਅ ਪ੍ਰਤੀ ਸਾਵਧਾਨੀ ਅਤੇ ਸੰਜਮ ਵਰਤਣ ਦੀ ਸਲਾਹ ਵੀ ਦਿੱਤੀ।
ਸੂਬਾ ਕਾਂਗਰਸ ਪ੍ਰਧਾਨ ਨੇ ਸੁਝਾਅ ਦਿੱਤਾ ਕਿ ਰੇਲ ਅਤੇ ਸੜਕੀ ਜਾਮ ਨੂੰ ਹਰ ਕੀਮਤ ‘ਤੇ ਟਾਲਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਲੱਖਾਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਹੜੇ ਕਿਸਾਨਾਂ ਵਾਂਗ ਬੇਵੱਸ ਹਨ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 2020 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਹੁੰਦੀ, ਤਾਂ ਉਹ ਦਿੱਲੀ ਵੱਲ ਮਾਰਚ ਕਰਕੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਨਹੀਂ ਕਰ ਸਕਦੇ ਸਨ।
ਇਸਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰਿਆਣਾ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦਾ ਰਾਹ ਰੋਕ ਕੇ ਉਨ੍ਹਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਿਆ। ਇਸ ਕਾਰਨ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਡੇਰਾ ਲਾਉਣ ਲਈ ਮਜਬੂਰ ਹੋਣਾ ਪਿਆ।
ਇਸ ਦਿਸ਼ਾ ਵਿੱਚ, ਵੜਿੰਗ ਨੇ ਆਪਣੀ ਵਿਆਪਕ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਸਵੇਰੇ ਉਹ ਰੱਖ ਬਾਗ ਇਲਾਕੇ ਵਿੱਚ ਸਵੇਰ ਦੀ ਸੈਰ ਕਰਨ ਵਾਲਿਆਂ ਨੂੰ ਮਿਲੇ। ਜਿੱਥੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।
ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਉਹ ਉਨ੍ਹਾਂ ਦੀ ਸੇਵਾ ਕਰਨ ਲਈ ਲੁਧਿਆਣਾ ਆਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ 1 ਜੂਨ ਨੂੰ ਚੋਣਾਂ ਹੋਣ ਤੋਂ ਬਾਅਦ ਹੀ ਉਹ ਫਰਕ ਮਹਿਸੂਸ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਤੁਹਾਡੀ ਸੇਵਾ ਸ਼ੁਰੂ ਕਰਨ ਲਈ 4 ਜੂਨ ਤੱਕ ਨਤੀਜਿਆਂ ਦੀ ਉਡੀਕ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਜੇ ਇਕ ਮਹੀਨੇ ਦੀ ਵੀ ਗੱਲ ਨਹੀਂ ਜਦੋਂ ਉਹ ਉਨ੍ਹਾਂ ਦੀਆਂ ਗੱਲਾਂ ਨੂੰ ਪਰਖ ਸਕਣ।