ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਾਇਤਾ ਬਾਰੇ ਚਰਚਾ ਕੀਤੀ

ਭਵਿੱਖ ਵਿੱਚ ਰਾਹਤ ਅਤੇ ਪੁਨਰਵਾਸ ਸਹਾਇਤਾ ਦੀ ਰੂਪਰੇਖਾ ‘ਤੇ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਚੰਡੀਗੜ੍ਹ, 13 ਸਤੰਬਰ:

ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਮੀਟਿੰਗ ਦੇ ਦੌਰਾਨ, ਦੋਹਾਂ ਪਤਵੰਤਿਆਂ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਈ ਹੜ੍ਹ ਦੀ ਸਥਿਤੀ ਅਤੇ ਚਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਬਾਰੇ ਵਿਸਤਾਰਪੂਰਵਕ ਚਰਚਾ ਕੀਤੀ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਕੀਤੇ ਜਾ ਰਹੇ ਤਤਕਾਲ ਉਪਾਵਾਂ ਦੀ ਸਮੀਖਿਆ ਕੀਤੀ।

ਇਸ ਚਰਚਾ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਐਲਾਨੇ ਗਏ ₹1600 ਕਰੋੜ ਦੇ ਸ਼ੁਰੂਆਤੀ ਰਾਹਤ ਪੈਕੇਜ ਦੇ ਨਾਲ-ਨਾਲ ਭਵਿੱਖ ਵਿੱਚ ਰਾਹਤ ਅਤੇ ਪੁਨਰਵਾਸ ਸਹਾਇਤਾ ਦੀ ਰੂਪਰੇਖਾ ‘ਤੇ ਵੀ ਚਰਚਾ ਹੋਈ। ਜਾਨ-ਮਾਲ, ਘਰਾਂ, ਫਸਲਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦੇ ਮੁੱਲਾਂਕਣ ‘ਤੇ ਵੀ ਵਿਸਤਾਰ ਨਾਲ ਚਰਚਾ ਕੀਤੀ ਗਈ।

ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਮਾਣਯੋਗ ਰਾਜਪਾਲ ਨੂੰ ਦੱਸਿਆ ਕਿ ਕੇਂਦਰੀ ਟੀਮਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਨੁਕਸਾਨ ਦੀ ਮਾਤਰਾ ਦਾ ਪਤਾ ਲਗਾਉਣ ਲਈ ਸਰਵੇਖਣ ਕੀਤੇ ਜਾ ਰਹੇ ਹਨ ਤਾਕਿ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੁਨਰਵਾਸ ਅਤੇ ਪੁਨਰ ਨਿਰਮਾਣ ਦੇ ਲਈ ਹਰ ਸੰਭਵ ਸਹਾਇਤਾ ਦੇਣ ਦੇ ਲਈ ਪ੍ਰਤੀਬੱਧ ਹੈ, ਅਤੇ ਦੁਹਰਾਇਆ ਕਿ ਇਸ ਸੰਕਟ ਵਿੱਚ ਕੋਈ ਵੀ ਪਰਿਵਾਰ ਅਸਹਾਇ ਨਹੀਂ ਰਹੇਗਾ।

ਮਾਣਯੋਗ ਰਾਜਪਾਲ ਨੇ ਰਾਜ ਅਤੇ ਕੇਂਦਰ ਸਰਕਾਰਾਂ ਦੋਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਲਈ ਸਮੇਂ ‘ਤੇ ਸਹਾਇਤਾ ਅਤੇ ਤਾਲਮੇਲ ਵਾਲੀ ਕਾਰਵਾਈ ਜ਼ਰੂਰੀ ਹੈ।