ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Sep 2, 2026 | breaking news, daily, election, politics | 0 comments

ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਦਲ ਪੰਜਾਬ ਨੂੰ ਲੁੱਟਣ ਲਈ ਫਿਰ ਤੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰਾਂ ਨੇ ਬਹੁਤ ਪਾਪ ਕੀਤੇ ਹਨ, ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਖ਼ਤਮ ਕਰ ਦੇਣਗੇ: ਭਗਵੰਤ ਸਿੰਘ ਮਾਨ

ਸਾਰੇ ਵਿਰੋਧੀ ਕੁਰਸੀ ਲਈ ਲੜ ਰਹੇ ਹਨ, ਮੈਂ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਲਈ ਲੜ ਰਿਹਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਰੜ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਸੰਵਾਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰਾਂ ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ ‘ਤੇ ਪੰਜਾਬ ਨੂੰ ਸਿਉਂਕ ਵਾਂਗ ਅੰਦਰੋਂ ਖੋਖਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਪਿਆ ਹੈ। ਮੋਹਾਲੀ ਦੇ ਖਰੜ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਲੜ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ,”ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਦਿੱਤੀ ਵੋਟ ਸਾਰੀਆਂ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਵਾ ਦੇਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਪਾਪ ਕੀਤੇ ਹਨ ਅਤੇ ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਮਿਟਾ ਦੇਣਗੇ।
ਇੱਥੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹਾਂ। ਇਹ ਨੇਤਾ ਹਮੇਸ਼ਾ ਮੰਨਦੇ ਸਨ ਕਿ ਸੂਬੇ ‘ਤੇ ਰਾਜ ਕਰਨਾ ਉਨ੍ਹਾਂ ਦਾ ਰੱਬੀ ਹੱਕ ਹੈ, ਜਿਸ ਕਾਰਨ ਉਹ ਇਹ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਨੇ ਲੰਮੇ ਸਮੇਂ ਤੱਕ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਲੋਕ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।”
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ, “ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀ ਕਰਵਾਈ, ਦੋਸ਼ੀਆਂ ਨਾਲ ਜੁੜੇ ਸਬੂਤਾਂ ਨੂੰ ਖ਼ਤਮ ਕੀਤਾ, ਨਿਰਦੋਸ਼ਾਂ ‘ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਅੱਜ ਸੂਬੇ ਵਿੱਚ ਮੁੜ ਸੱਤਾ ਵਿੱਚ ਆਉਣ ਲਈ ਤੜਫ ਰਹੀ ਹੈ।”
ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਅਕਾਲੀ ਲੀਡਰਸ਼ਿਪ ਸੂਬੇ ਨੂੰ ਲੁੱਟਣ ਲਈ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੀ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਰੱਦ ਕਰਨਗੇ। “ਸੂਬੇ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਮੁੜ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਉਨ੍ਹਾਂ ਦੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਾਰਨ ਸਿਆਸੀ ਗੁੰਮਨਾਮੀ ਵਿੱਚ ਭੇਜ ਦੇਣਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵਾਰ-ਵਾਰ ਮਿਲੀ ਹਾਰ ਤੋਂ ਬੁਖਲਾ ਕੇ ਅਕਾਲੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੇ ਹਨ। “ਉਹ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ‘ਤੇ ਹੋਏ ਹਮਲੇ ਤੋਂ ਹਮਦਰਦੀ ਬਟੋਰ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਉਹ ਅਸਲ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰ ਸਕਦੇ।”
ਵਿਰੋਧੀ ਨੇਤਾਵਾਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਕੁਝ ਨੇਤਾ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਦੇ ਅਤੇ ਕੁਝ ਅਮਿਤ ਸ਼ਾਹ ਦੇ ਕੋਟੇ ਤੋਂ ਹਨ, ਜਦਕਿ ਮੈਂ ਆਮ ਆਦਮੀ ਦੇ ਕੋਟੇ ਤੋਂ ਹਾਂ।”
ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਉਨ੍ਹਾਂ ਦੀ ਸਰਕਾਰ ਨੂੰ ਪਿਆਰ ਕਰਦੇ ਹਨ। “ਸਾਡੀ ਸਰਕਾਰ ਨੇ ਕਈ ਕਲਿਆਣਕਾਰੀ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਸ ਕਾਰਨ ਸੂਬੇ ਦੇ ਲੋਕ ਮੈਨੂੰ ਪਿਆਰ ਕਰਦੇ ਹਨ। ਮੈਂ ਲੋਕਾਂ ਨੂੰ ਸੁਚੇਤ ਕਰਦਾ ਹਾਂ ਕਿ ਜੇਕਰ ਕੋਈ ਹੋਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਮੇਰੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਸਕੀਮਾਂ ਨੂੰ ਬੰਦ ਕਰ ਦੇਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਉਨ੍ਹਾਂ ਨੇਤਾਵਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ ਜੋ ਆਪਣੇ ਸੱਤਾ ਦੇ ਸਾਲਾਂ ਦੌਰਾਨ ਆਲੀਸ਼ਾਨ ਮਹਿਲਾਂ ਵਿੱਚ ਰਹੇ ਅਤੇ ਕਦੇ ਆਮ ਜਨਤਾ ਦੀ ਪ੍ਰਵਾਹ ਨਹੀਂ ਕੀਤੀ। “ਜਿਹੜੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਸੂਬੇ ‘ਤੇ ਰਾਜ ਕਰਨਗੇ, ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ। ਇੱਕ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਲੱਭ ਪਾ ਰਹੇ। ਸੂਬੇ ਦੇ ਬਹਾਦਰ ਲੋਕਾਂ ਨੇ ਅਜਿਹੇ ਭ੍ਰਿਸ਼ਟ ਅਤੇ ਹੰਕਾਰੀ ਨੇਤਾਵਾਂ ਨੂੰ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਲਈ ਕਰਾਰਾ ਸਬਕ ਸਿਖਾਇਆ ਹੈ।”
ਕਾਂਗਰਸ ਪਾਰਟੀ ਦੀ ਅੰਦਰੂਨੀ ਫੁੱਟ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ, “ਜਿੱਥੇ ਉਹ ਆਪਣੇ ਸਿਆਸੀ ਹਿੱਤਾਂ ਲਈ ਸੱਤਾ ਖ਼ਾਤਰ ਲੜ ਰਹੇ ਹਨ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਮਿਹਨਤ ਕਰ ਰਹੀ ਹੈ। ਅਜਿਹੇ ਮੌਕਾਪ੍ਰਸਤ ਨੇਤਾਵਾਂ ਦੇ ਮੁਕਾਬਲੇ, ਅਸੀਂ ਆਪਸ ਵਿੱਚ ਨਹੀਂ ਲੜਦੇ ਸਗੋਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕਰ ਰਹੇ ਹਾਂ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਅਸਲ ਲੜਾਈ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਹੈ। “ਸੂਬੇ ਦੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਅਤੇ ਹੋਰ ਭਲਾਈ ਸਕੀਮਾਂ ਲਈ ਹੈ। ਸੱਤਾ ਦੀ ਖ਼ਾਤਰ ਕਾਂਗਰਸੀ ਨੇਤਾ ਇੱਕ-ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।”
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਸ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਨਾ ਅਤੇ ਪੰਜਾਬ ਦਾ ਸਰਮਾਇਆ ਲੁੱਟਣਾ ਹੈ। ਕਾਂਗਰਸ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਇਕ ਖਿੰਡਿਆ ਹੋਇਆ ਘਰ ਹੈ ਜੋ ਉਨ੍ਹਾਂ ਦੀ ਆਪਸੀ ਲੜਾਈ ਕਾਰਨ ਢਹਿ ਢੇਰੀ ਹੋ ਜਾਵੇਗਾ।”
ਉਨ੍ਹਾਂ ਕਿਹਾ ਕਿ ਇਹ ਅਫ਼ਸੋਸਜਨਕ ਹੈ ਕਿ ਆਪਸੀ ਧੜੇਬੰਦੀ ਨੂੰ ਖ਼ਤਮ ਕਰਨ ਆਏ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਨ੍ਹਾਂ ਨੇਤਾਵਾਂ ਦੇ ਨਾਮ ਦਾ ਉਚਾਰਨ ਕਿਵੇਂ ਕਰਨਾ ਹੈ ਜਿਨ੍ਹਾਂ ਦਾ ਉਹ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀ ਦਲ ਸਿਉਂਕ ਵਾਂਗ ਸਨ ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਬਰਬਾਦ ਕੀਤਾ, ਜਿਸ ਕਾਰਨ ਪੰਜਾਬ ਤਰੱਕੀ ਦੇ ਰਾਹ ‘ਤੇ ਪਿੱਛੇ ਰਹਿ ਗਿਆ। ਇਨ੍ਹਾਂ ਪਾਰਟੀਆਂ ਦੇ ਨੇਤਾ ਕਦੇ ਵੀ ਇੱਕ-ਦੂਜੇ ਦੇ ਖ਼ਿਲਾਫ਼ ਨਹੀਂ ਬੋਲਦੇ ਪਰ ਮੇਰੇ ਖ਼ਿਲਾਫ਼ ਰੋਜ਼ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦਾ ਨਕਾਬ ਪੂਰੀ ਤਰ੍ਹਾਂ ਲਾਹ ਦਿੱਤਾ ਹੈ। ਇਹ ਉਹ ਗੱਦਾਰ ਸਨ ਜੋ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ।”
ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। “ਸੂਬੇ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਸੀ ਅਤੇ ਉਨ੍ਹਾਂ ਦੀ ਭਲਾਈ ‘ਤੇ ਸਹੀ ਢੰਗ ਨਾਲ ਖ਼ਰਚ ਕੀਤਾ ਜਾ ਰਿਹਾ ਸੀ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਤੋਂ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦੇ ਸੁਧਾਰ ਕੀਤੇ ਹਨ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ, ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਮੁਹੱਈਆ ਕਰਵਾਈ ਹੈ ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਤੋਂ ਇਲਾਵਾ ਬੁਨਿਆਦੀ ਢਾਂਚਾ ਤਿਆਰ ਕੀਤਾ ਹੈ। “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਅਜਿਹੀ ਸਕੀਮ ਹੈ ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਬੀਮਾ ਕਵਰੇਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਮੂਹ ਪਰਿਵਾਰਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਵਿੱਚ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀ ਆਮ ਵਰਗ ਨਾਲ ਸਬੰਧਤ ਹਰੇਕ ਮਹਿਲਾ ਲਾਭਪਾਤਰੀ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਕਿਹਾ, “ਇਹ ਸਹਾਇਤਾ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਵੀ ਇਸ ਸਕੀਮ ਅਧੀਨ ਯੋਗ ਹਨ। ਪੰਜਾਬ ਦੀਆਂ ਲਗਭਗ 97 ਫੀਸਦ ਮਹਿਲਾਵਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”
ਇਸ ਪਹਿਲਕਦਮੀ ਨੂੰ ਇੱਕ ਵੱਡੀ ਸਮਾਜਿਕ ਕ੍ਰਾਂਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣਾ ਹੈ। ਉਨ੍ਹਾਂ ਕਿਹਾ, “ਪੂਰਾ ਵਿਸ਼ਵ ਪੰਜਾਬ ਸਰਕਾਰ ਦੀ ਇਸ ਸਭ ਤੋਂ ਵੱਡੀ ਸਮਾਜਿਕ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜੋ ਦੁਨੀਆ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਇਸ ਵੱਕਾਰੀ ਯੋਜਨਾ ਦੀ ਸ਼ਾਇਦ ਹੀ ਕੋਈ ਮਿਸਾਲ ਮਿਲੇ, ਜਿੱਥੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਰਾਹੀਂ ਇਸ ਤਰ੍ਹਾਂ ਸਮਰੱਥ ਬਣਾਇਆ ਜਾ ਰਿਹਾ ਹੋਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਸੂਬਾ ਸਰਕਾਰ ਵੱਲੋਂ 70.92 ਲੱਖ ਮਹਿਲਾ ਲਾਭਪਾਤਰੀਆਂ ਨੂੰ ਇਹ ਲਾਭ ਮਿਲ ਚੁੱਕਾ ਹੈ, ਜਦਕਿ ਹਾਲ ਹੀ ਵਿੱਚ ਰਜਿਸਟਰ ਹੋਈਆਂ 5.20 ਲੱਖ ਲਾਭਪਾਤਰੀਆਂ ਲਈ ਵੀ 181.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਤਹਿਤ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਦੇ ਉਦੇਸ਼ ਨਾਲ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆ ਗਈਆਂ ਹਨ।। ਉਨ੍ਹਾਂ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤਾਂ ਲਈ ਜਾਰੀ ਕਾਰਡ ਸੂਬੇ ਵਿੱਚੋਂ ਗ਼ਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੇ। ਇਹ ਸਿਰਫ਼ ਸਿੱਖਿਆ ਹੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਮਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸੇ ਨੂੰ ਮੁੱਖ ਰੱਖਦਿਆਂ ਸਾਡੀ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ‘ਚ ਲਗਾਤਾਰ ਸੁਧਾਰ ਲਈ ਅਣਥੱਕ ਯਤਨ ਕਰ ਰਹੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਸਿਖਲਾਈ ਪ੍ਰੋਗਰਾਮਾਂ, ‘ਸਕੂਲਜ਼ ਆਫ਼ ਐਮੀਨੈਂਸ’ ਅਤੇ ਹੋਰ ਪਹਿਲਕਦਮੀਆਂ ਸਮੇਤ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਹੋਰ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।
ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਵਿੱਚ ਆਏ ਸੁਧਾਰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਵੱਕਾਰੀ ਨੀਟ ਪ੍ਰੀਖਿਆ ਪਾਸ ਕੀਤੀ ਸੀ, ਪਰ ਇਸ ਸਾਲ 2026 ਵਿੱਚ ਇਹ ਗਿਣਤੀ 11 ਗੁਣਾ ਵੱਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਾਸਨ ਦਾ ਦੂਜੀਆਂ ਪਾਰਟੀਆਂ, ਜਿਨ੍ਹਾਂ ਨੇ ਸਕੂਲ ਅਤੇ ਸਿੱਖਿਆ ਖੇਤਰ ਦੀ ਕਦੇ ਪ੍ਰਵਾਹ ਨਹੀਂ ਕੀਤੀ, ਨਾਲੋਂ ਇਹੀ ਫ਼ਰਕ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜੋ ਹੁਣ ਤੱਕ ਇਸ ਤੋਂ ਵਾਂਝੇ ਰਹੇ ਸੀ। ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਅਧੀਨ ਰਕਬਾ 26 ਫੀਸਦ ਤੋਂ ਵੱਧ ਕੇ 80 ਫੀਸਦ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦਕਿ ਅੱਜ ਨਹਿਰੀ ਸਿੰਜਾਈ ਅਧੀਨ ਇਹ ਰਕਬਾ ਵਧ ਕੇ 60.30 ਲੱਖ ਏਕੜ ਹੋ ਗਿਆ ਹੈ।”
ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅੱਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ।
ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...