ਮੰਡੀ ਗੋਬਿੰਦਗੜ੍ਹ, 29 ਮਈ: ਨਗਰ ਕੌਂਸਲ ਚੋਣਾਂ 2026 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਯੋਗ ਅਤੇ ਮਜ਼ਬੂਤ ਅਗਵਾਈ ਹੇਠ ਇਤਿਹਾਸਕ ਜਿੱਤ ਹਾਸਲ ਕਰਦਿਆਂ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ‘ਤੇ ਆਪਣਾ ਸ਼ਾਨਦਾਰ ਪਰਚਮ ਲਹਿਰਾ ਦਿੱਤਾ ਹੈ। ਸ਼ਹਿਰ ਦੇ ਕੁੱਲ 29 ਵਾਰਡਾਂ ਵਿੱਚੋਂ 19 ਵਾਰਡਾਂ ‘ਤੇ ‘ਆਪ’ ਦੇ ਉਮੀਦਵਾਰਾਂ ਨੇ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਕੌਂਸਲ ਵਿੱਚ ਭਾਰੀ ਬਹੁਮਤ ਹਾਸਲ ਕੀਤਾ ਹੈ।
ਇਸ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੇ ਸਮੂਹ ਸੂਝਵਾਨ ਵੋਟਰਾਂ ਅਤੇ ਨਿਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੰਡੀ ਗੋਬਿੰਦਗੜ੍ਹ ਵਾਸੀਆਂ ਵੱਲੋਂ ਦਿੱਤਾ ਗਿਆ ਇਹ ਵੱਡਾ ਫ਼ਤਵਾ ਸਾਬਤ ਕਰਦਾ ਹੈ ਕਿ ਜਨਤਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰੀ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਵਿਧਾਇਕ ਬੜਿੰਗ ਨੇ ਵਿਰੋਧੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਲੋਕਾਂ ਨੇ ਨਕਾਰਾਤਮਕ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਕੇ ਸਿਰਫ਼ ਤੇ ਸਿਰਫ਼ ਤਰੱਕੀ ਦੇ ਰਾਹ ਨੂੰ ਚੁਣਿਆ ਹੈ। ਉਨ੍ਹਾਂ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਹਦਾਇਤ ਕੀਤੀ ਕਿ ਉਹ ਅੱਜ ਤੋਂ ਹੀ ਬਿਨਾਂ ਕਿਸੇ ਪੱਖਪਾਤ ਦੇ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਜੁੱਟ ਜਾਣ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ, “ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਸਰਬਪੱਖੀ ਵਿਕਾਸ, ਸੜਕਾਂ, ਸਟ੍ਰੀਟ ਲਾਈਟਾਂ, ਸਾਫ਼ ਪਾਣੀ ਅਤੇ ਹਰ ਆਧੁਨਿਕ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਮਿਲ ਕੇ ਇਸ ਉਦਯੋਗਿਕ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਖੁਸ਼ਹਾਲ ਅਤੇ ਨਮੂਨੇ ਦਾ ਸ਼ਹਿਰ ਬਣਾਵਾਂਗੇ।
ਇਸ ਮੌਕੇ ਪੂਰੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਢੋਲ ਦੀਆਂ ਥਾਪਾਂ ‘ਤੇ ਭੰਗੜੇ ਪਾ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ।

×