ਪੰਜਾਬ ਸਰਕਾਰ ਨੇ ਇਸ ਸਾਲ ਬੁਢਾਪਾ ਪੈਨਸ਼ਨ ਸਕੀਮ ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।
ਚੰਡੀਗੜ੍ਹ, 8 ਮਾਰਚ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਨਵਰੀ 2025 ਤੱਕ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਰਾਸ਼ੀ ਵਜੋਂ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ |
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਰਾਜ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅੰਗਹੀਣ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜਨਵਰੀ 2025 ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵਜੋਂ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚੋਂ ਚਾਲੂ ਮਾਲੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫੰਡ ਦੀ ਬਕਾਇਆ ਰਾਸ਼ੀ ਪੈਨਸ਼ਨਰਾਂ ਨੂੰ ਨਿਰਧਾਰਤ ਸਮੇਂ ਅੰਦਰ ਜਾਰੀ ਕੀਤੀ ਜਾਵੇ। ਪੈਨਸ਼ਨ ਵੰਡਣ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਜ਼ੁਰਗ ਸਾਡਾ ਸਤਿਕਾਰ ਹਨ |ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਜ਼ੁਰਗਾਂ ਨੂੰ ਦਿੱਤੀ ਜਾਂਦੀ ਪੈਨਸ਼ਨ ਨਿਰਧਾਰਤ ਸਮੇਂ ਅੰਦਰ ਵੰਡੀ ਜਾਣੀ ਯਕੀਨੀ ਬਣਾਈ ਜਾਵੇ।

