ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬਠਿੰਡਾ ਸਣੇ ਮਾਲਵੇ ਦੇ ਕਈ ਸ਼ਹਿਰਾਂ ਵਿੱਚੋਂ ਆ ਰਹੀਆਂ ਰਿਪੋਰਟਾਂ ਉੱਤੇ ਪ੍ਰਤੀਕਿਰਿਆ ਦਿੰਦਿਆਂ ਸਰੀਨ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਣਾ ਅਤੇ ਲਿਫਟਿੰਗ ਦਾ ਕੰਮ ਠੱਪ ਪੈਣਾ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਹੈ।
ਲਖਵਿੰਦਰ ਸਿੰਘ ਮੋਮੀ ਨੇ ਕਿਹਾ ਕਿ ਰਾਈਸ ਸ਼ੈਲਰ ਯੂਨੀਅਨ ਦੀ ਤਿੰਨ ਦਿਨਾਂ ਹੜਤਾਲ, ਬੇਮੌਸਮੀ ਬਾਰਿਸ਼ ਅਤੇ ਚਾਵਲ ਦੀ ਸਪੈਸ਼ਲ ਮਾਲਗੱਡੀ ਨਾ ਲੱਗਣ ਕਾਰਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਪ੍ਰਭਾਵਿਤ ਹੋਈ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਸਮੇਂ ਸਿਰ ਠੋਸ ਕਦਮ ਨਾ ਚੁੱਕਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਮੰਡੀਆਂ ਵਿੱਚ ਥਾਂ ਦੀ ਘਾਟ ਕਾਰਨ ਨਵੀਂ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਵੀ ਆਪਣੀ ਉਪਜ ਸੜਕਾਂ ਉੱਤੇ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਲਖਵਿੰਦਰ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਲਿਫਟਿੰਗ ਤੇਜ਼ ਕਰੇ, ਮਜ਼ਦੂਰਾਂ ਅਤੇ ਟਰੱਕਾਂ ਦੀ ਲੋੜੀਂਦੀ ਵਿਵਸਥਾ ਕਰੇ ਅਤੇ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਛੱਡਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ।


