ਭਗਵੰਤ ਮਾਨ ਨੇ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਪਲਾਂਟ ਲਈ ਵਚਨਬੱਧਤਾ ਦੁਹਰਾਈ
ਨਿਗਰਾਨ ਕਮੇਟੀ ਅਤੇ ਪੀਪੀਸੀਬੀ ਨਿਯਮਿਤ ਤੌਰ ‘ਤੇ ਪ੍ਰੋਜੈਕਟ ਦੀ ਨਿਗਰਾਨੀ ਕਰਨ ਲਈ
ਉਨ੍ਹਾਂ ਦੀ ਸਕਾਰਾਤਮਕ ਪਹੁੰਚ ਅਤੇ ਪੂਰਨ ਜਨਤਕ ਸਹਿਯੋਗ ਲਈ ਪਿੰਡ ਵਾਸੀਆਂ ਦਾ ਧੰਨਵਾਦ
ਚੰਡੀਗੜ੍ਹ, 22 ਨਵੰਬਰ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮੁੱਦੇ ਨੂੰ ਸਾਰੇ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਸੁਲਝਾਉਣ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਹਰਦੀਪ ਸਿੰਘ ਅਤੇ ਨਵੇਂ ਚੁਣੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਦਾ ਇੱਕ ਵਫ਼ਦ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਵਿੱਚ ਮਿਲਿਆ।
ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਆਉਣ ਵਾਲਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਰਹਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸਾਰੇ ਹਿੱਸੇਦਾਰਾਂ ਦੀ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਹੋਣ ਵਾਲੇ ਪ੍ਰਦੂਸ਼ਣ ਵਿਰੁੱਧ ਸੂਬਾ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਣ ਦੇ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਲਾਂਟ ‘ਤੇ ਸਖ਼ਤ ਨਜ਼ਰ ਰੱਖੇਗਾ ਤਾਂ ਜੋ ਇਸ ਦੀ ਕਾਰਵਾਈ ਦੌਰਾਨ ਕੋਈ ਉਲੰਘਣਾ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਅਤੇ ਅਣਇੱਛਤ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਆਪਣੀ ਸਕਾਰਾਤਮਕ ਪਹੁੰਚ ਰਾਹੀਂ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਜਨਤਕ ਸਹਿਯੋਗ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਪਿੰਡ ਵਿੱਚ ਅਤਿ ਆਧੁਨਿਕ ਖੇਡ ਨਰਸਰੀ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੇਗੀ। ਇਸੇ ਤਰ੍ਹਾਂ ਉਨ੍ਹਾਂ ਪਿੰਡ ਵਿੱਚ ਹਾਈਟੈਕ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਹੋਰ ਵੀ ਹਰ ਹੱਕੀ ਮੰਗ ਨੂੰ ਪ੍ਰਵਾਨ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਆਦਿ ਹਾਜ਼ਰ ਸਨ।


