ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਵੱਲੋਂ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੀ ਪੀਸੀਐਸ ਮੁੱਖ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਮੋਹਾਲੀ ਦੇ ਫੇਜ਼ 3ਬੀ2 / ਫੇਜ਼ 5 ਟ੍ਰੈਫਿਕ ਲਾਈਟਾਂ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਯੋਗ ਅਤੇ ਮਿਹਨਤੀ ਨੌਜਵਾਨਾਂ ਨਾਲ ਹੋਏ ਧੋਖੇ ਦਾ ਦੋਸ਼ ਲਗਾਉਂਦਿਆਂ ਇਸ ਮਾਮਲੇ ਦੀ ਤੁਰੰਤ ਅਤੇ ਸਮਾਂਬੱਧ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।

ਭਾਜਪਾ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸੈਂਕੜੇ ਯੁਵਾ ਵਰਕਰਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸੂਬੇ ਦੀਆਂ ਉੱਚ ਪ੍ਰਸ਼ਾਸਨਿਕ ਸੇਵਾਵਾਂ ਦੀ ਭਰਤੀ ਵਿੱਚ ਮੈਰਿਟ ਅਤੇ ਪਾਰਦਰਸ਼ਤਾ ਨਾਲ ਲਗਾਤਾਰ ਸਮਝੌਤਾ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੀਸੀਐਸ ਮੁੱਖ ਪ੍ਰੀਖਿਆ ਦੇ ਨਤੀਜਿਆਂ ਅਤੇ ਇੰਟਰਵਿਊ ਪ੍ਰਕਿਰਿਆ ’ਤੇ 16 ਦਸੰਬਰ ਤੱਕ ਰੋਕ ਲਗਾਉਣ ਨਾਲ ਉਮੀਦਵਾਰਾਂ ਵੱਲੋਂ ਉਠਾਏ ਗਏ ਸਵਾਲਾਂ ਦੀ ਗੰਭੀਰਤਾ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਇੱਕ ਹੀ ਉਮੀਦਵਾਰ ਨੂੰ ਕਈ ਰੋਲ ਨੰਬਰ ਜਾਰੀ ਹੋਣ, ਇੱਕ ਹੀ ਪ੍ਰੀਖਿਆ ਕੇਂਦਰ ਦੇ ਇੱਕ ਹਾਲ ਵਿੱਚੋਂ ਅਸਾਧਾਰਨ ਗਿਣਤੀ ਵਿੱਚ ਉਮੀਦਵਾਰਾਂ ਦੀ ਚੋਣ ਹੋਣ ਅਤੇ ਲਾਜ਼ਮੀ ਪੰਜਾਬੀ ਭਾਸ਼ਾ ਦੀਆਂ ਸ਼ਰਤਾਂ ਨੂੰ ਕਮਜ਼ੋਰ ਕਰਨ ਵਰਗੇ ਮਾਮਲੇ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਦਿੱਤਾ ਹੈ। ਸਾਲਾਂ ਤੱਕ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨਾਂ ਨਾਲ ਧੋਖਾ ਹੋ ਰਿਹਾ ਹੈ, ਜਦਕਿ ਮੁੱਖ ਮੰਤਰੀ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਪ੍ਰੀਖਿਆ ਕੇਂਦਰਾਂ ਦੀ ਸੀਸੀਟੀਵੀ ਫੁਟੇਜ ਤੁਰੰਤ ਸੁਰੱਖਿਅਤ ਕੀਤੀ ਜਾਵੇ ਅਤੇ ਸਮੁੱਚੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਜਾਵੇ।

ਵਸ਼ਿਸ਼ਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਸਮੇਂ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ, ਪਰ ਅੱਜ ਲਗਭਗ ਹਰ ਵੱਡੀ ਭਰਤੀ ਪ੍ਰਕਿਰਿਆ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਅਦਾਲਤਾਂ ਵਿੱਚ ਅਟਕੀ ਹੋਈ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਅਤੇ ਯੁਵਾ ਮੋਰਚਾ ਪੰਜਾਬ ਦੇ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਣਗੇ। ਜੇਕਰ ਸਰਕਾਰ ਨੇ ਤੁਰੰਤ ਸੁਤੰਤਰ ਸੀਬੀਆਈ ਜਾਂਚ ਦੇ ਹੁਕਮ ਜਾਰੀ ਕਰਕੇ ਜ਼ਿੰਮੇਵਾਰੀ ਤੈਅ ਨਾ ਕੀਤੀ ਤਾਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।