ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕੰਮ ਅਧਵਾਟੇ ਰੁੱਕਣ ਨੇ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 40 ਹਜ਼ਾਰ ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਵੱਡੇ ਵੱਡੇ ਦਾਅਵੇ ਕੀਤੇ ਸਨ ਪਰ ਅਜੇ ਤੱਕ ਲੱਗਭੱਗ 18 ਹਜ਼ਾਰ ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਹੀ ਹੋ ਸਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਅਜੇ ਤੱਕ ਸੜਕਾਂ ਦੇ ਲਗਭਗ 50 ਫੀਸਦੀ ਕੰਮ ਹੀ ਮੁਕੰਮਲ ਹੋਏ ਹਨ, ਜਦਕਿ ਬਾਕੀ ਕੰਮ ਅਧਵਾਟੇ ਰੁੱਕਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਦੀਆਂ ਕਈ ਸੜਕਾਂ ’ਤੇ ਲਗਭਗ ਪੰਜ ਮਹੀਨੇ ਪਹਿਲਾਂ ਗਟਕਾ ਪਾਏ ਜਾਣ ਦੇ ਬਾਵਜੂਦ ਅਜੇ ਤੱਕ ਪ੍ਰੀਮਿਕਸ ਨਹੀਂ ਪਾਈ ਗਈ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ।
ਅਨਿਲ ਸਰੀਨ ਨੇ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਸੜਕਾਂ ਦੇ ਕੰਮਾਂ ਲਈ ਫੰਡ ਮਨਜ਼ੂਰ ਕੀਤੇ ਗਏ ਸਨ ਤਾਂ ਉਨ੍ਹਾਂ ਨੂੰ ਸਮੇਂ ਸਿਰ ਜਾਰੀ ਕਿਉਂ ਨਹੀਂ ਕੀਤਾ ਗਿਆ? ਕੀ ਸਰਕਾਰ ਨੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਲੋੜੀਂਦੇ ਫੰਡਾਂ ਅਤੇ ਸਮੱਗਰੀ ਦੀਆਂ ਕੀਮਤਾਂ ਦਾ ਮੁਲਾਂਕਣ ਨਹੀਂ ਕੀਤਾ ਅਤੇ ਅਧੂਰੇ ਕੰਮ ਕਦੋਂ ਮੁਕੰਮਲ ਹੋਣਗੇ?
ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਐਲਾਨ ਨਹੀਂ, ਸਗੋਂ ਪੱਕੀਆਂ ਅਤੇ ਸਮੇਂ ਸਿਰ ਬਣੀਆਂ ਸੜਕਾਂ ਚਾਹੀਦੀਆਂ ਹਨ। ਸਰਕਾਰ ਤੁਰੰਤ ਫੰਡ ਜਾਰੀ ਕਰਕੇ ਅਧੂਰੇ ਕੰਮ ਮੁਕੰਮਲ ਕਰਵਾਏ ਅਤੇ ਤਾਂ ਜੋ ਲੋਕਾਂ ਨੂੰ ਇਸ ਸੜਕਾਂ ਦੀ ਬਦਹਾਲੀ ਤੋਂ ਰਾਹਤ ਮਿਲੇ।


