ਭਾਜਪਾ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੇ ਪਿੱਛੇ ਲੁਕ ਰਹੀ ਹੈ: ਲਾਲਚੰਦ ਕਟਾਰੂਚੱਕ

ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਸਿੰਘ ਕਟਾਰੂਚੱਕ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਬੋਲਦਿਆਂ ਕੇਂਦਰ ਸਰਕਾਰ ‘ਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਅਤੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਨਿਸ਼ਾਨਾ ਬਣਾਉਣ ਲਈ ਚੋਣ ਕਮਿਸ਼ਨ, ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ।

ਕਟਾਰੂਚੱਕ ਨੇ ਕਿਹਾ ਕਿ ਭਾਜਪਾ 2014 ਵਿੱਚ ਹਰੇਕ ਖਾਤੇ ਵਿੱਚ 25 ਲੱਖ ਰੁਪਏ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਵਰਗੇ ਵੱਡੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਪਰ ਉਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦੀ ਬਜਾਏ ਨਰਿੰਦਰ ਮੋਦੀ ਸਰਕਾਰ ਨੇ ਗ਼ੈਰ-ਸੰਵਿਧਾਨਕ ਤਰੀਕਿਆਂ ਅਤੇ ਕੇਂਦਰੀ ਸੰਸਥਾਵਾਂ ਦੀ ਦੁਰਵਰਤੋਂ ‘ਤੇ ਨਿਰਭਰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਜਪਾ ਆਪਣੇ ਆਪ ਨੂੰ ਸਿਆਸੀ ਤੌਰ ‘ਤੇ ਖ਼ਤਰੇ ਵਿੱਚ ਮਹਿਸੂਸ ਕਰਦੀ ਹੈ, ਉੱਥੇ ਆਪਣੇ ਵਿਰੋਧੀਆਂ ਦਾ ਸਿਆਸੀ ਤੌਰ ‘ਤੇ ਸਾਹਮਣਾ ਕਰਨ ਦੀ ਬਜਾਏ, ਉਹ ਵਿਰੋਧੀ ਨੇਤਾਵਾਂ ਅਤੇ ਕਰਮਚਾਰੀਆਂ ਵਿੱਚ ਡਰ ਪੈਦਾ ਕਰਨ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਚੋਣ ਕਮਿਸ਼ਨ ਵਰਗੀਆਂ ਏਜੰਸੀਆਂ ਨੂੰ ਭੇਜਦੀ ਹੈ।

ਦਿੱਲੀ ਚੋਣਾਂ ਦਾ ਹਵਾਲਾ ਦਿੰਦਿਆਂ ਕਟਾਰੂਚੱਕ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਅਤੇ ਸਿਆਸੀ ਨੇਤਾਵਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਜਾਣਬੁੱਝ ਕੇ ਡਰ ਦਾ ਮਾਹੌਲ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਆਪ ਨੇਤਾਵਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਨੂੰ ਮਹੀਨਿਆਂ ਅਤੇ ਸਾਲਾਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਪਰ ਬਾਅਦ ਵਿੱਚ ਅਦਾਲਤਾਂ ਨੇ ਉਨ੍ਹਾਂ ਮਾਮਲਿਆਂ ਨੂੰ ਰੱਦ ਜਾਂ ਖਾਰਜ ਕਰ ਦਿੱਤਾ।

ਕਟਾਰੂਚੱਕ ਨੇ ਚੋਣ ਕਮਿਸ਼ਨ ਨਾਲ ਜੁੜੇ ਤਾਜ਼ਾ ਵਿਵਾਦ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਜਨਤਾ ਨੇ ਸੰਸਥਾ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਦੇਖੇ ਹਨ। ਉਨ੍ਹਾਂ ਕਿਹਾ ਕਿ ਦੋ ਚੋਣ ਕਮਿਸ਼ਨਰਾਂ ਨੇ ਅਪਣਾਈ ਜਾ ਰਹੀ ਪ੍ਰਕਿਰਿਆ ‘ਤੇ ਇਤਰਾਜ਼ ਜਤਾਉਂਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਾਰ-ਬਾਰ ਪੱਤਰ ਲਿਖੇ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ, ਈ.ਡੀ. ਦੀਆਂ ਕਾਰਵਾਈਆਂ ਦੇ ਨਾਲ, ਉਨ੍ਹਾਂ ਚਿੰਤਾਵਾਂ ਨੂੰ ਵਾਪਸ ਲੈ ਆਏ ਹਨ ਜੋ ਸੀਨੀਅਰ ਜੱਜਾਂ ਨੇ ਸਾਲਾਂ ਪਹਿਲਾਂ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਬਾਰੇ ਪ੍ਰਗਟਾਈਆਂ ਸਨ।

ਪੰਜਾਬ ਵੱਲ ਆਉਂਦਿਆਂ, ਕਟਾਰੂਚੱਕ ਨੇ ਦੋਸ਼ ਲਾਇਆ ਕਿ ਈ.ਡੀ. ਲਗਾਤਾਰ ‘ਆਪ’ ਨੇਤਾਵਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਲੁਧਿਆਣਾ ਵਿੱਚ ਇੱਕ ‘ਆਪ’ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਹਾਲ ਹੀ ਵਿੱਚ ਮਾਰੇ ਗਏ ਛਾਪੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਪਰਿਵਾਰਕ ਮੈਂਬਰ ਦੀ ਗੈਰ-ਹਾਜ਼ਰੀ ਵਿੱਚ ਛਾਪਾਮਾਰੀ ਕੀਤੀ ਜਦੋਂ ਕਿ ਉਨ੍ਹਾਂ ਦੇ ਬਜ਼ੁਰਗ ਮਾਤਾ-ਪਿਤਾ ਮੌਜੂਦ ਸਨ, ਪਰ ਖ਼ਬਰਾਂ ਮੁਤਾਬਕ ਉਹ ਬਿਨਾਂ ਕੁਝ ਬਰਾਮਦ ਕੀਤੇ ਚਲੇ ਗਏ। ਉਨ੍ਹਾਂ ਨੇ ਲਗਭਗ ਦੋ ਮਹੀਨੇ ਪਹਿਲਾਂ ਆਪਣੇ ਇੱਕ ਕਰੀਬੀ ਵਿਅਕਤੀ ਦੇ ਨਿਵਾਸ ‘ਤੇ ਈ.ਡੀ. ਦੁਆਰਾ ਕੀਤੀ ਗਈ ਛਾਪੇਮਾਰੀ ਨੂੰ ਵੀ ਯਾਦ ਕੀਤਾ ਅਤੇ ਦੱਸਿਆ ਕਿ 16 ਘੰਟਿਆਂ ਦੀ ਤਲਾਸ਼ੀ ਤੋਂ ਬਾਅਦ, ਏਜੰਸੀ ਬਿਨਾਂ ਕੁਝ ਮਿਲੇ ਚਲੀ ਗਈ ਸੀ ਅਤੇ ਇਹ ਲਿਖਤੀ ਰੂਪ ਵਿੱਚ ਦੇ ਕੇ ਗਈ ਸੀ।

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਪੁੱਤ ਹਾਂ ਅਤੇ ਅਸੀਂ ਅਜਿਹੀਆਂ ਕਾਰਵਾਈਆਂ ਦਾ ਡਟ ਕੇ ਵਿਰੋਧ ਕਰਾਂਗੇ ਅਤੇ ਸਾਹਮਣਾ ਕਰਾਂਗੇ।” ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਡਰਾਉਣ-ਧਮਕਾਉਣ ਦੀ ਰਾਜਨੀਤੀ ਦਾ ਢੁੱਕਵਾਂ ਲੋਕਤੰਤਰੀ ਜਵਾਬ ਦੇਣਗੇ।

ਭਗਵੰਤ ਮਾਨ ਸਰਕਾਰ ਦੇ ਕੰਮਾਂ ‘ਤੇ ਚਾਨਣਾ ਪਾਉਂਦਿਆਂ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੁਆਰਾ ਲਏ ਗਏ ਫੈਸਲਿਆਂ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਕੀਤੀ ਹੈ, ਸਾਲਾਂ ਦੀ ਗਿਰਾਵਟ ਤੋਂ ਬਾਅਦ ਭੂਮੀਗਤ ਜਲ ਪੱਧਰ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਪੰਜਾਬ ਦੇ ਸਰੋਤਾਂ ਦੀ ਲੁੱਟ ਨੂੰ ਰੋਕਿਆ ਜਾ ਰਿਹਾ ਹੈ।

ਕਟਾਰੂਚੱਕ ਨੇ ਕਿਹਾ ਕਿ ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ ਅਤੇ ਖੇਤੀਬਾੜੀ ਰਾਹੀਂ ਦੇਸ਼ ਦਾ ਢਿੱਡ ਭਰਨ ਵਿੱਚ ਕੇਂਦਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਭਾਜਪਾ ‘ਤੇ ਪੰਜਾਬ ਪ੍ਰਤੀ ਦੁਸ਼ਮਣੀ ਦਿਖਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪਾਰਟੀ ਨੂੰ ਪੰਜਾਬੀਆਂ ਵਿੱਚ ਕੋਈ ਸਿਆਸੀ ਪ੍ਰਵਾਨਗੀ ਨਹੀਂ ਮਿਲ ਰਹੀ। ਪਠਾਨਕੋਟ ਵਿੱਚ ਭਾਜਪਾ ਦੀ ਹਾਲੀਆ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਮਿਲੇ ਹੁੰਗਾਰੇ ਨੇ ਭਾਜਪਾ ਦੇ ਸਿਆਸੀ ਦਾਅਵਿਆਂ ਅਤੇ ਲੋਕਾਂ ਦੇ ਮੂਡ ਵਿਚਕਾਰ ਅੰਤਰ ਦਿਖਾ ਦਿੱਤਾ ਹੈ।

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਕਨਵਿ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾ ਤਾਂ ਭਾਜਪਾ ਦਾ ਸਿਆਸੀ ਦਬਾਅ ਅਤੇ ਨਾ ਹੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਪੰਜਾਬ ਦੇ ਲੋਕਾਂ ਨੂੰ ਸੱਚ ਦੇ ਨਾਲ ਖੜ੍ਹੇ ਹੋਣ ਤੋਂ ਰੋਕ ਸਕਦੀ ਹੈ।