ਭਾਜਪਾ ਦੇ ਜ਼ਿਲ੍ਹਾ ਲੁਧਿਆਣਾ (ਸ਼ਹਿਰੀ) ਪ੍ਰਧਾਨ ਸੁਨੀਲ ਮੋਦਗਿੱਲ ਨੇ ਚਵਾਨੀ ਮੁਹੱਲਾ ਕਲੀਨਿਕ ਦੀ ਬਦਤਰ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਕ੍ਰਾਂਤੀ ਅਤੇ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਇਲਾਜ ਦੇਣ ਦੇ ਦਾਅਵੇ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹਨ। ਚਵਾਨੀ ਮੁਹੱਲਾ ਕਲੀਨਿਕ ਇਸ ਸਰਕਾਰ ਦੀ ਸਿਹਤ ਨੀਤੀ ਦੀ ਨਾਕਾਮੀ ਦਾ ਜਿਊਂਦਾ ਸਬੂਤ ਹੈ।
ਉਨ੍ਹਾਂ ਕਿਹਾ ਕਿ ਫਰਵਰੀ 2025 ਵਿੱਚ ਕਲੀਨਿਕ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ, ਪਰ ਲਗਭਗ ਦੋ ਸਾਲ ਬੀਤਣ ਦੇ ਬਾਵਜੂਦ ਸਰਕਾਰ ਨੇ ਇਸ ਦੀ ਮੁਰੰਮਤ ਨਹੀਂ ਕਰਵਾਈ। ਸਰਕਾਰ ਦੀ ਲਾਪਰਵਾਹੀ ਕਾਰਨ ਡਾਕਟਰ ਅਤੇ ਮਰੀਜ਼ ਇੱਕ ਤੰਗ ਕਿਰਾਏ ਦੀ ਦੁਕਾਨ ਵਿੱਚ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਕੰਮ ਕਰਨ ਅਤੇ ਇਲਾਜ ਕਰਵਾਉਣ ਲਈ ਮਜਬੂਰ ਹਨ। ਨਾ ਮਰੀਜ਼ਾਂ ਦੇ ਲੇਟਣ ਲਈ ਬੈੱਡ ਹੈ, ਨਾ ਢੁੱਕਵੀਂ ਜਾਂਚ ਲਈ ਜਗ੍ਹਾ, ਨਾ ਸਾਫ਼-ਸੁਥਰਾ ਮਾਹੌਲ ਅਤੇ ਨਾ ਹੀ ਮਰੀਜ਼ਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਹਨ। ਮੀਂਹ ਪੈਣ ’ਤੇ ਸੀਵਰੇਜ ਦਾ ਗੰਦਾ ਪਾਣੀ ਕਲੀਨਿਕ ਵਿੱਚ ਦਾਖ਼ਲ ਹੋ ਜਾਂਦਾ ਹੈ, ਜੋ ਮਰੀਜ਼ਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ।
ਮੋਦਗਿੱਲ ਨੇ ਕਿਹਾ ਕਿ ਜਦੋਂ ਰੋਜ਼ਾਨਾ 110 ਤੋਂ 120 ਮਰੀਜ਼ ਇਲਾਜ ਲਈ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਅਜਿਹੀਆਂ ਅਸੁਰੱਖਿਅਤ ਅਤੇ ਅਣਮਨੁੱਖੀ ਹਾਲਤਾਂ ਵਿੱਚ ਸਿਹਤ ਸੇਵਾਵਾਂ ਦੇਣਾ ਸਰਕਾਰ ਦੀ ਸੰਵੇਦਨਹੀਣਤਾ ਅਤੇ ਪ੍ਰਸ਼ਾਸਨਿਕ ਨਾਕਾਮੀ ਨੂੰ ਦਰਸਾਉਂਦਾ ਹੈ। ਸਰਕਾਰ ਨਵੇਂ ਕਲੀਨਿਕਾਂ ਦੇ ਉਦਘਾਟਨ ਕਰਕੇ ਆਪਣੀ ਪਿੱਠ ਥਪਥਪਾਉਣ ਦੀ ਬਜਾਏ ਪਹਿਲਾਂ ਪੁਰਾਣੇ ਕਲੀਨਿਕਾਂ ਦੀ ਸੰਭਾਲ ਕਰੇ। ਉਨ੍ਹਾਂ ਮੰਗ ਕੀਤੀ ਕਿ ਚਵਾਨੀ ਮੁਹੱਲਾ ਕਲੀਨਿਕ ਦੀ ਇਮਾਰਤ ਦੀ ਤੁਰੰਤ ਮੁਰੰਮਤ ਕਰਵਾ ਕੇ ਮਰੀਜ਼ਾਂ ਲਈ ਸੁਰੱਖਿਅਤ, ਸਾਫ਼ ਅਤੇ ਸਨਮਾਨਜਨਕ ਇਲਾਜ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।


