‘ਆਪ’ ਦੇ ਬੁਲਾਰੇ ਨੀਲ ਗਰਗ – ਮੋਦੀ ਸਰਕਾਰ ਰੁਜ਼ਗਾਰ ਦੇਣ ‘ਚ ਅਸਫਲ ਰਹੀ ਹੈ, ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ ਹੈ
ਖੱਟਰ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਨੌਜਵਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ – ਨੀਲ ਗਰਗ
ਚੰਡੀਗੜ੍ਹ, 27 ਫਰਵਰੀ
ਆਮ ਆਦਮੀ ਪਾਰਟੀ (ਆਪ) ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਬਾਰੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਦੀ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਖੱਟਰ ਦਾ ਬਿਆਨ ਬੇਹੱਦ ਗੈਰ-ਜ਼ਿੰਮੇਵਾਰਾਨਾ ਅਤੇ ਅਸੰਵੇਦਨਸ਼ੀਲ ਹੈ। ਦੇਸ਼ ਦੇ ਇੱਕ ਕੇਂਦਰੀ ਮੰਤਰੀ ਵੱਲੋਂ ਦੇਸ਼ ਦੇ ਨੌਜਵਾਨਾਂ ਬਾਰੇ ਅਜਿਹੀ ਟਿੱਪਣੀ ਕਰਨਾ ਮੰਦਭਾਗਾ ਹੈ।
‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ‘ਚ ਨਾਕਾਮ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਨੌਕਰੀਆਂ ਦੀ ਭਾਲ ‘ਚ ਦੇਸ਼ ਛੱਡ ਕੇ ਵਿਦੇਸ਼ਾਂ ‘ਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਲਈ ਭਾਜਪਾ ਆਗੂਆਂ ਨੂੰ ਨੌਜਵਾਨਾਂ ਦੀ ਆਲੋਚਨਾ ਕਰਨ ਦੀ ਬਜਾਏ ਇਸ ਗੱਲ ‘ਤੇ ਵਿਚਾਰ ਕਰਨਾ ਚਾਹੀਦਾ ਹੈ ਕਿ ਅਜਿਹੀ ਸਥਿਤੀ ਕਿਉਂ ਪੈਦਾ ਹੋਈ ਹੈ।
ਨੀਲ ਗਰਗ ਨੇ ਕਿਹਾ ਕਿ ਖੱਟਰ ਦਾ ਬਿਆਨ ਹੈਰਾਨੀਜਨਕ ਨਹੀਂ ਹੈ। ਭਾਜਪਾ ਆਗੂ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਘੱਟ ਗਿਣਤੀਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਦੇ ਹਨ। ਨਫ਼ਰਤ ਭਰੀ ਬਿਆਨਬਾਜ਼ੀ ਕਰਨਾ ਭਾਜਪਾ ਆਗੂਆਂ ਦਾ ਸੁਭਾਅ ਹੈ।
ਗਰਗ ਨੇ ਅੱਗੇ ਕਿਹਾ ਕਿ ਡਿਪੋਰਟ ਕੀਤੇ ਗਏ ਨੌਜਵਾਨ ਸਿਰਫ਼ ਇੱਕ ਸੂਬੇ ਦੇ ਨਹੀਂ ਹਨ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਹੋਰ ਕਈ ਰਾਜਾਂ ਦੇ ਲੋਕ ਸ਼ਾਮਲ ਹਨ। ਇਸ ਦਾ ਸਪੱਸ਼ਟ ਕਾਰਨ ਦੇਸ਼ ਵਿੱਚ ਰੁਜ਼ਗਾਰ ਦੇ ਲੋੜੀਂਦੇ ਮੌਕਿਆਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਹਰ ਸਾਲ 2 ਕਰੋੜ ਨੌਕਰੀਆਂ ਦੇਵੇਗੀ। ਪਰ ਅੱਜ ਦੀ ਹਕੀਕਤ ਇਹ ਹੈ ਕਿ ਨੌਕਰੀਆਂ ਵਧਣ ਦੀ ਬਜਾਏ ਦਿਨ-ਬ-ਦਿਨ ਘਟ ਰਹੀਆਂ ਹਨ। ਜੇਕਰ ਨੌਜਵਾਨਾਂ ਨੂੰ ਆਪਣੇ ਦੇਸ਼ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਤਾਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਲੋੜ ਹੀ ਨਹੀਂ ਸੀ ਪੈਣੀ।
‘ਆਪ’ ਦੇ ਬੁਲਾਰੇ ਨੇ ਕਿਹਾ ਕਿ ਭਾਜਪਾ ਭਾਰਤ ਨੂੰ ਗਲੋਬਲ ਲੀਡਰ ਬਣਾਉਣ ਦਾ ਦਾਅਵਾ ਕਰਦੀ ਹੈ। ਇਸ ਦੇ ਆਗੂ ਅਕਸਰ ਕਹਿੰਦੇ ਹਨ ਕਿ ਨਰਿੰਦਰ ਮੋਦੀ ਨੇ ਵਿਦੇਸ਼ਾਂ ਵਿੱਚ ਭਾਰਤ ਦੀ ਸਾਖ ਨੂੰ ਵਧਾਇਆ ਹੈ। ਪਰ ਜਦੋਂ ਅਮਰੀਕਾ ਨੇ ਦੇਸ਼ ਦੇ ਨੌਜਵਾਨਾਂ ਨੂੰ ਹੱਥਕੜੀ ਲਗਾ ਕੇ ਦੇਸ਼ ਨਿਕਾਲਾ ਦਿੱਤਾ, ਉਸ ਸਮੇਂ ਭਾਰਤ ਦੀ ਸਾਖ ਨੂੰ ਕੀ ਹੋਇਆ? ਉਨ੍ਹਾਂ ਕਿਹਾ ਕਿ ਕੰਬੋਡੀਆ ਵਰਗੇ ਛੋਟੇ ਦੇਸ਼ ਨੇ ਵੀ ਅਮਰੀਕਾ ਨੂੰ ਕਰੜਾ ਜਵਾਬ ਦਿੱਤਾ ਅਤੇ ਉਸ ਦੇ ਜਹਾਜ਼ ਨੂੰ ਆਪਣੇ ਦੇਸ਼ ‘ਚ ਉਤਰਨ ਨਹੀਂ ਦਿੱਤਾ। ਕੰਬੋਡੀਆ ਨੇ ਆਪਣੇ ਨਾਗਰਿਕਾਂ ਨੂੰ ਆਪਣੇ ਜਹਾਜ਼ ‘ਤੇ ਵਾਪਸ ਲਿਆਂਦਾ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਅਮਰੀਕਾ ਨੂੰ ਕੁਝ ਨਹੀਂ ਕਿਹਾ।
‘ਆਪ’ ਆਗੂ ਨੇ ਮੰਗ ਕੀਤੀ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਹ ਯਕੀਨੀ ਬਣਾਉਣ ਕਿ ਮਨੋਹਰ ਲਾਲ ਖੱਟਰ ਆਪਣਾ ਬਿਆਨ ਵਾਪਸ ਲਵੇ ਅਤੇ ਨੌਜਵਾਨਾਂ ਤੋਂ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਨਾਕਾਮੀ ਦੀ ਮਿਸਾਲ ਹੈ ਅਤੇ ਇਸ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।