ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵੋਟਰ ਸੂਚੀਆਂ ਦੀ ਐੱਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਬਾਰੇ ਦਿੱਤੇ ਭਾਸ਼ਣ ’ਤੇ ਤਿੱਖਾ ਪਲਟਵਾਰ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਦਾ ਭਾਸ਼ਣ ਹਾਸੋਹੀਣਾ ਹੈ। ਉਨ੍ਹਾਂ ਕਿਹਾ, “ਸੂਬੇ ਵਿੱਚ ਸਰਕਾਰ ਤੁਹਾਡੀ, ਅਫ਼ਸਰ ਤੁਹਾਡੇ ਅਤੇ ਐੱਸਆਈਆਰ ਵੀ ਤੁਸੀਂ ਹੀ ਕਰਵਾਈ। ਹੁਣ ਸਵਾਲ ਵੀ ਤੁਸੀਂ ਹੀ ਉਠਾ ਰਹੇ ਹੋ।”
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਪ੍ਰਕਿਰਿਆ ਸੂਬਾ ਸਰਕਾਰ ਦੀ ਮਸ਼ੀਨਰੀ ਨੇ ਨੇਪਰੇ ਚਾੜ੍ਹੀ। ਡਿਪਟੀ ਕਮਿਸ਼ਨਰਾਂ, ਐੱਸਡੀਐੱਮਜ਼ ਤੋਂ ਲੈ ਕੇ ਬੂਥ ਪੱਧਰ ਤੱਕ ਸਾਰੇ ਅਧਿਕਾਰੀ ਤੁਹਾਡੇ ਹੀ ਸਨ। ਇਸ ਵਿੱਚ ਕੇਂਦਰ ਸਰਕਾਰ ਦਾ ਕੋਈ ਦਖ਼ਲ ਨਹੀਂ ਸੀ। ਜੇਕਰ ਐੱਸਆਈਆਰ ਦੌਰਾਨ ਤੁਹਾਡੇ ਅਧਿਕਾਰੀਆਂ ਨੇ ਕੁਝ ਗ਼ਲਤ ਕੀਤਾ ਸੀ, ਤਾਂ ਤੁਹਾਡੀ ਪਾਰਟੀ ਦੇ ਆਗੂ ਚੋਣ ਕਮਿਸ਼ਨਰ ਕੋਲ ਜਾ ਕੇ ਸਭ ਕੁਝ ਠੀਕ ਹੋਣ ਦੀ ਗੱਲ ਕਿਉਂ ਕਹਿ ਕੇ ਆਏ?
ਉਨ੍ਹਾਂ ਕਿਹਾ ਕਿ ਇੱਕ ਪਾਸੇ ਤੁਸੀਂ ਵਿਧਾਨ ਸਭਾ ਵਿੱਚ ਐੱਸਆਈਆਰ ਦੌਰਾਨ ਬੇਨਿਯਮੀਆਂ ਦੇ ਦੋਸ਼ ਲਾ ਰਹੇ ਹੋ ਅਤੇ ਦੂਜੇ ਪਾਸੇ ਤੁਹਾਡੀ ਆਪਣੀ ਪਾਰਟੀ ਦੇ ਆਗੂ ਚੋਣ ਕਮਿਸ਼ਨ ਕੋਲ ਜਾ ਕੇ ਕਹਿ ਰਹੇ ਹਨ ਕਿ ਸਭ ਕੁਝ ਠੀਕ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਸੂਬੇ ਦੇ ਕਿਸੇ ਇੱਕ ਅਜਿਹੇ ਵੋਟਰ ਨੂੰ ਸਾਹਮਣੇ ਲਿਆਉਣ, ਜਿਸ ਦਾ ਨਾਂ ਗ਼ਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਕੱਟਿਆ ਗਿਆ ਹੋਵੇ।
ਉਨ੍ਹਾਂ ਕਿਹਾ ਕਿ ਜੇਕਰ ਸੱਚਮੁੱਚ ਕੋਈ ਬੇਨਿਯਮੀ ਹੋਈ ਹੈ, ਤਾਂ ਇਹ ਗੰਭੀਰ ਮਾਮਲਾ ਹੈ ਅਤੇ ਇਸ ਲਈ ਸੂਬਾ ਸਰਕਾਰ ਖ਼ੁਦ ਜ਼ਿੰਮੇਵਾਰ ਹੈ। ਢਿੱਲੋਂ ਨੇ ਕਿਹਾ ਕਿ ਮਾਨ ਦਾ ਬਿਆਨ ਇਸ ਗੱਲ ਦਾ ਸਬੂਤ ਹੈ ਕਿ ਇਹ ਨਿਕੰਮੀ ਸਰਕਾਰ ਹੈ। ਸਰਕਾਰ ਦੀ ਸੋਚਣ-ਸਮਝਣ ਦੀ ਸਮਰੱਥਾ ਖ਼ਤਮ ਹੋ ਚੁੱਕੀ ਹੈ। ਅਜਿਹਾ ਲੱਗਦਾ ਹੈ ਕਿ ਹੁਣ ਮਾਨ ਨੂੰ ਆਪਣੇ ਮੰਤਰੀਆਂ ਅਤੇ ਅਧਿਕਾਰੀਆਂ ’ਤੇ ਵੀ ਭਰੋਸਾ ਨਹੀਂ ਰਿਹਾ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਐੱਸਆਈਆਰ ਸ਼ੁਰੂ ਹੋਣ ਸਮੇਂ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਕਿਸੇ ਵੀ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਨਹੀਂ ਦਿੱਤਾ ਜਾਵੇਗਾ। ਜੇਕਰ ਕਿਸੇ ਦਾ ਨਾਂ ਗ਼ਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਕੱਟਿਆ ਗਿਆ ਹੈ, ਤਾਂ ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ’ਤੇ ਬੇਬੁਨਿਆਦ ਦੋਸ਼ ਲਾ ਕੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।
ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵਿੱਚ ਲੋਕਾਂ ਨੂੰ ਜਵਾਬ ਦੇਣ ਦੀ ਹਿੰਮਤ ਨਹੀਂ ਹੈ। ਬਕਾਇਆ ਮਹਿੰਗਾਈ ਭੱਤੇ (ਡੀਏ), ਨਸ਼ਿਆਂ ਦੀ ਸਮੱਸਿਆ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੇ ਕਤਲ, ਗੈਂਗਸਟਰਵਾਦ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਪੰਜਾਬ ਸਿਰ ਲਗਾਤਾਰ ਵਧ ਰਹੇ ਕਰਜ਼ੇ ਵਰਗੇ ਗੰਭੀਰ ਮੁੱਦਿਆਂ ’ਤੇ ਸਰਕਾਰ ਘਿਰੀ ਹੋਈ ਹੈ। ਇਨ੍ਹਾਂ ਸਵਾਲਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਅਜਿਹੀਆਂ ਬੇਤੁਕੀਆਂ ਗੱਲਾਂ ਕਰ ਰਹੇ ਹਨ।


