ਚੰਡੀਗੜ੍ਹ/ਜਲੰਧਰ
ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਦੀ “ਬੁਲਡੋਜ਼ਰ (ਪੀਲਾ-ਪੰਜਾ) ਰਾਜਨੀਤੀ” ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ, ਪੰਜਾਬ ਵਿੱਚ ਆਲੋਚਨਾ ਅਤੇ ਲੋਕਤਾਂਤ੍ਰਿਕ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਇਸ ਖਤਰਨਾਕ ਰਵਾਇਤ ਦੀ ਸ਼ੁਰੂਆਤ ਕੀਤੀ ਹੈ।
ਅੱਜ ਦੀ ਘਟਨਾ ਦਾ ਜ਼ਿਕਰ ਕਰਦਿਆਂ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਸਥਿਤ ਉਨ੍ਹਾਂ ਦੇ ਕਾਨੂੰਨੀ ਪੁਰਖਿਆ ਦੇ ਘਰ ਦਾ ਇਕ ਹਿੱਸਾ, ਜਿੱਥੇ ਉਨ੍ਹਾਂ ਦਾ ਪਰਿਵਾਰ ਪਿਛਲੇ 200 ਸਾਲ ਤੋਂ ਵੱਧ ਸਮੇਂ ਤੋਂ ਰਹਿੰਦਾ ਆ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਦੀ ਵਰਤੋਂ ਕਰਕੇ ਗੈਰਕਾਨੂੰਨੀ ਢੰਗ ਨਾਲ ਢਾਹ ਦਿੱਤਾ ਗਿਆ।
ਖਹਿਰਾ ਨੇ ਦੋਸ਼ ਲਗਾਇਆ ਕਿ ਤੋੜਫੋੜ ਤੋਂ ਪਹਿਲਾਂ ਨਾ ਤਾਂ ਉਨ੍ਹਾਂ ਨੂੰ ਕੋਈ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਸੁਣਵਾਈ ਦਾ ਕੋਈ ਮੌਕਾ ਦਿੱਤਾ ਗਿਆ। ਇਸ ਦੀ ਬਜਾਇ, ਮੁੱਖ ਮੰਤਰੀ ਭਗਵੰਤ ਮਾਨ ਦੇ ਗੈਰਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਹੁਕਮਾਂ ‘ਤੇ ਕਾਰਵਾਈ ਕਰਦਿਆਂ, ਕਪੂਰਥਲਾ ਦੇ ਐਸਐਸਪੀ ਨੇ ਖੁਦ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਇਸ ਤੋੜਫੋੜ ਮੁਹਿੰਮ ਦੀ ਨਿਗਰਾਨੀ ਕੀਤੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਲ ਮਲਕੀਅਤ ਦੇ ਸਾਰੇ ਦਸਤਾਵੇਜ਼ੀ ਸਬੂਤ ਮੌਜੂਦ ਹਨ ਅਤੇ ਉਨ੍ਹਾਂ ਦੇ ਪਿੰਡ ਵਾਲੀ ਜਾਇਦਾਦ ਦਾ ਇਕ ਇੰਚ ਵੀ ਨਾ ਤਾਂ ਗੈਰਕਾਨੂੰਨੀ ਹੈ ਅਤੇ ਨਾ ਹੀ ਬਿਨਾਂ ਮਨਜ਼ੂਰੀ ਦੇ ਬਣਿਆ ਹੋਇਆ ਹੈ।
ਆਪ ਸਰਕਾਰ ‘ਤੇ ਹਮਲਾ ਬੋਲਦਿਆਂ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਸਟੇਟ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਥਿਤ ਝੂਠੇ ਪੁਲਿਸ ਮੁਕਾਬਲੇ, ਗਰੀਬ ਲੋਕਾਂ ਦੇ ਘਰਾਂ ਨੂੰ ਗੈਂਗਸਟਰ ਜਾਂ ਨਸ਼ਾ ਤਸਕਰ ਦੱਸ ਕੇ ਢਾਹੁਣਾ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਪੁਲਿਸ ਮਸ਼ੀਨਰੀ ਦੀ ਵਧ ਰਹੀ ਦੁਰਵਰਤੋਂ ਇਸ ਦੀਆਂ ਸਪੱਸ਼ਟ ਉਦਾਹਰਣਾਂ ਹਨ।
ਉਨ੍ਹਾਂ ਬਠਿੰਡਾ ਦੀ ਐਸਐਸਪੀ ਜਯੋਤੀ ਯਾਦਵ ਨਾਲ ਜੁੜੀ ਹਾਲੀਆ ਘਟਨਾ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਬੀਕੇਯੂ (ਉਗਰਾਹਾਂ) ਨਾਲ ਸੰਬੰਧਤ ਕਿਸਾਨ ਚਰਨਜੀਤ ਸਿੰਘ ਨਾਲ ਕਥਿਤ ਤੌਰ ‘ਤੇ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਨੂੰ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੇ ਪੁਲਿਸ ਰਾਜ ਦੀ ਹੋਰ ਤਾਜਾ ਉਦਾਹਰਣ ਕਰਾਰ ਦਿੱਤਾ।
ਖਹਿਰਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਦੇ ਖੁੱਲ੍ਹੇ ਆਲੋਚਕ ਹਨ, ਜਿਸ ਕਰਕੇ ਉਨ੍ਹਾਂ ਨੂੰ ਵਾਰ-ਵਾਰ ਝੂਠੇ ਕੇਸਾਂ, ਗ੍ਰਿਫ਼ਤਾਰੀਆਂ ਅਤੇ ਕੈਦ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਕਾਨੂੰਨੀ ਕਾਰਵਾਈ ਦਾ ਐਲਾਨ ਕਰਦਿਆਂ ਖਹਿਰਾ ਨੇ ਕਿਹਾ ਕਿ ਉਹ ਜਲਦੀ ਹੀ ਆਪਣੀ ਕਾਨੂੰਨੀ ਜਾਇਦਾਦ ਦੀ ਗੈਰਕਾਨੂੰਨੀ ਤੋੜਫੋੜ ਖ਼ਿਲਾਫ਼ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਿਮ ਨਤੀਜੇ ਤੱਕ ਲੈ ਕੇ ਜਾਣਗੇ ਅਤੇ ਇਸ ਗੈਰਕਾਨੂੰਨੀ ਅਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਕਾਰਵਾਈ ਲਈ ਜ਼ਿੰਮੇਵਾਰ ਸਾਰੇ ਦੋਸ਼ੀ ਪੁਲਿਸ ਅਤੇ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣਗੇ।
ਖਹਿਰਾ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਰਾਜ ਮਸ਼ੀਨਰੀ, ਧਮਕੀਆਂ ਅਤੇ ਬੁਲਡੋਜ਼ਰ ਰਾਜਨੀਤੀ ਰਾਹੀਂ ਲੋਕਤਾਂਤ੍ਰਿਕ ਵਿਰੋਧ ਅਤੇ ਅਸਹਿਮਤੀ ਨੂੰ ਕੁਚਲਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਸੁਖਪਾਲ ਸਿੰਘ ਖਹਿਰਾ
ਵਿਧਾਇਕ, ਭੁਲੱਥ