ਭਾਜਪਾ ਆਗੂ ਨੇ ਕੇਜਰੀਵਾਲ ਨੂੰ ਆਪਣੀ ਸਰਕਾਰ ਦੀ ਅਗਵਾਈ ਕਰਨ ਲਈ ਕਿਹਾ
ਚੰਡੀਗੜ੍ਹ, 7 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰੀ ਕਰਜ਼ੇ ਅਤੇ ਮੰਡੀ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨਾ ਖਰੀਦਣ ਵਿੱਚ ਹੋ ਰਹੀ ਦੇਰੀ ਕਾਰਨ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਜਸਵਿੰਦਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪੰਜਾਬ ਦੇ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੂੰ ਪੰਚਾਂ-ਸਰਪੰਚਾਂ ਦੇ ਮਾਰਗ ਦਰਸ਼ਕ ਬਣਨ ਦੀ ਬਜਾਏ ਸੂਬੇ ਨੂੰ ਚਲਾਉਣ ਲਈ ਆਪਣੀ ਪਾਰਟੀ ਦੀ ਅਗਵਾਈ ਕਰਨ ਦਾ ਸੁਝਾਅ ਦਿੱਤਾ। ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਪੈਦਾਵਾਰ ਨਾ ਵੇਚਣ ਕਾਰਨ ਖੁਦਕੁਸ਼ੀਆਂ ਕਰਨ ਲਈ ਪ੍ਰੇਰਿਆ ਹੈ।
ਕੇਜਰੀਵਾਲ ਨੂੰ ਆਪਣਾ ਵਾਅਦਾ ਯਾਦ ਦਿਵਾਉਂਦੇ ਹੋਏ, ਕਿ ‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਸੂਬੇ ਦਾ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਜਾਖੜ ਨੇ ਕਿਹਾ ਕਿ ਮੌਜੂਦਾ ਸਥਿਤੀ ਬਿਲਕੁਲ ਉਲਟ ਹੈ। ਉਨ੍ਹਾਂ ਕੇਜਰੀਵਾਲ ਨੂੰ ਸੱਦਾ ਦਿੱਤਾ ਕਿ ਸਰਕਾਰ ਪ੍ਰਚਾਰ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਲੋਕਾਂ ਦੇ ਮੁੱਦਿਆਂ ‘ਤੇ ਧਿਆਨ ਦੇਵੇ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਵਿਉਂਤਬੰਦੀ ਦੀ ਘਾਟ ਨੇ ਸੂਬੇ ਦੇ ਕਿਸਾਨਾਂ ਨੂੰ ਸੰਕਟ ਵਿੱਚ ਸੁੱਟ ਦਿੱਤਾ ਹੈ।