‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ

ਚੰਡੀਗੜ੍ਹ, 24 ਮਈ

ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਦੇ 84ਵੇਂ ਦਿਨ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 13,236 ਹੋ ਗਈ ਹੈ।

ਇਹ ਕਾਰਵਾਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 124 ਐਫਆਈਆਰ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਦੀ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) ਦੇ ਨਾਲ-ਨਾਲ ਰਾਜ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ, ਪੰਜਾਬ ਪੁਲਿਸ ਨੇ ਅੱਜ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ।