ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

88 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 554 ਸ਼ੱਕੀਆਂ ਦੀ ਜਾਂਚ ਕੀਤੀ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 16 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਨੂੰ ਲਗਾਤਾਰ 47ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 47 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 6284 ਹੋ ਗਈ ਹੈ।

ਇਹ ਕਾਰਵਾਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ,ਜਿਸ ਕਾਰਨ ਸੂਬੇ ਭਰ ਵਿੱਚ 71 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) – ਲਾਗੂ ਕੀਤੀ ਹੈ ਅਤੇ ਇਸ ਰਣਨੀਤੀ ਦੇ ‘ਨਸ਼ਾ ਛੁਡਾਊ’ ਹਿੱਸੇ ਤਹਿਤ, ਪੰਜਾਬ ਪੁਲਿਸ ਦੁਆਰਾ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।

×