ਯੁਵਕ ਸੇਵਾਵਾਂ ਵਿਭਾਗ ਦੀ ਪੰਜ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਵਿੱਚ 115 ਲੜਕੀਆਂ ਨੇ ਭਾਗ ਲਿਆ।

ਚੰਡੀਗੜ੍ਹ, 23 ਦਸੰਬਰ:

ਯੁਵਕ ਸੇਵਾਵਾਂ ਵਿਭਾਗ ਵੱਲੋਂ ਲੜਕੀਆਂ ਲਈ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਮਾਪਤ ਹੋ ਗਈ। ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੀਆਂ 115 ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ।

ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵਿਭਾਗ ਨਵੀਂ ਯੁਵਕ ਨੀਤੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨੌਜਵਾਨ ਲੜਕੇ-ਲੜਕੀਆਂ ਦੀ ਸ਼ਖ਼ਸੀਅਤ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਨੈਸ਼ਨਲ ਐਵਾਰਡ ਜੇਤੂ ਸ਼੍ਰੇਆ ਮਾਨੀ ਵੱਲੋਂ ਵਿਸ਼ੇਸ਼ ਲੈਕਚਰ ਦਿੱਤਾ ਗਿਆ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਦੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ ਗਿਆ। ਨੈਸ਼ਨਲ ਐਵਾਰਡ ਲਈ ਲੋੜੀਂਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ 5 ਰੋਜ਼ਾ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਪ੍ਰੇਰਣਾਦਾਇਕ ਲੈਕਚਰ, ਸੋਸ਼ਲ ਮੀਡੀਆ ਦੇ ਫਾਇਦੇ ਅਤੇ ਨੁਕਸਾਨ, ਮੁੱਖ ਕੈਰੀਅਰ ਕੋਰਸ, ਸਾਹਿਤਕ ਗਤੀਵਿਧੀਆਂ, ਨੈਤਿਕ ਜ਼ਿੰਮੇਵਾਰੀਆਂ ਅਤੇ ਕਦਰਾਂ-ਕੀਮਤਾਂ ‘ਤੇ ਹੋਰ ਨਾਮਵਰ ਮਾਹਿਰਾਂ ਵੱਲੋਂ ਲੈਕਚਰ ਦਿੱਤੇ ਗਏ। ਇਸ ਮੌਕੇ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਸਬੰਧੀ ਵੱਡਮੁੱਲੀ ਜਾਣਕਾਰੀ ਨੌਜਵਾਨਾਂ ਨਾਲ ਸਾਂਝੀ ਕੀਤੀ ਗਈ।

ਵਰਕਸ਼ਾਪ ਦੇ ਆਖਰੀ ਦਿਨ ਵਿਭਾਗ ਵੱਲੋਂ ਚੰਡੀਗੜ੍ਹ ਸੈਰ ਸਪਾਟਾ ਵਿਭਾਗ ਦੀ ਹੌਪ-ਆਨ-ਹੋਪ ਬੱਸ ਰਾਹੀਂ ਚੰਡੀਗੜ੍ਹ ਦੇ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਅਤੇ ਚੰਡੀਗੜ੍ਹ ਦੀਆਂ ਹੋਰ ਪ੍ਰਸਿੱਧ ਥਾਵਾਂ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰੁਪਿੰਦਰ ਕੌਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

×