ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਰੰਧਾਵਾ ਨੇ ਕਿਹਾ ਕਿ ਅਜਿਹੇ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਿਰਪੱਖ ਜਾਂਚ ਕਰਵਾਉਣ ਦੀ ਹੋਣੀ ਚਾਹੀਦੀ ਸੀ, ਪਰ ਇਸ ਦੀ ਬਜਾਏ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰੰਧਾਵਾ ਨੇ ਕਿਹਾ ਕਿ ਹੁਣ ਇਸ ਮਾਮਲੇ ਨਾਲ ਜੁੜੀਆਂ ਕਥਿਤ ਵੀਡੀਓ ਅਤੇ ਆਡੀਓ ਕਾਲਾਂ ਵੀ ਜਨਤਕ ਹੋ ਚੁੱਕੀਆਂ ਹਨ, ਜਿਸ ਨਾਲ ਇਸ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋਸ਼ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦੇ ਪਰਿਵਾਰ ਨਾਲ ਜੁੜੇ ਹੋਣ ਤਾਂ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਕਿਸੇ ਸੁਤੰਤਰ ਏਜੰਸੀ ਤੋਂ ਪੂਰੇ ਮਾਮਲੇ ਦੀ ਪਾਰਦਰਸ਼ੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆਵੇ ਅਤੇ ਲੋਕਾਂ ਦਾ ਭਰੋਸਾ ਬਰਕਰਾਰ ਰਹੇ।
