ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ: ਗੈਰੀ ਬੜਿੰਗ
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਜਾ ਕੇ ਹੱਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ, ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਅੱਜ ਪਿੰਡ ਟਿੱਬੀ, ਕਪੂਰਗੜ੍ਹ, ਤੰਧਾ ਬੰਧਾ ਕਲਾਂ ਅਤੇ ਪਹੇੜੀ ਵਿਖੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਇਲਾਕੇ ਦੇ ਅਹਿਮ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ “ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ” ਦੀ ਗੂੰਜ ਹੈ, ਜੋ ਕਿ ਸਰਕਾਰ ਦੀਆਂ ਈਮਾਨਦਾਰ ਨੀਤੀਆਂ ਅਤੇ ਲੋਕ-ਪੱਖੀ ਫੈਸਲਿਆਂ ਦਾ ਨਤੀਜਾ ਹੈ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰਾ ਇਹ ਦ੍ਰਿੜ੍ਹ ਵਿਸ਼ਵਾਸ ਹੈ ਕਿ ਕਿਸੇ ਵੀ ਪਿੰਡ ਜਾਂ ਇਲਾਕੇ ਦੀ ਅਸਲ ਤਰੱਕੀ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਆਪਸੀ ਵਿਸ਼ਵਾਸ ਨਾਲ ਹੀ ਸੰਭਵ ਹੈ। ਉਨ੍ਹਾਂ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਗੈਰੀ ਬੜਿੰਗ ਨੇ ਕਿਹਾ ਕਿ ਮਾਨ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦਿੰਦਿਆਂ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਅਤੇ ਟੀਚਾ ਇਹੀ ਹੈ ਕਿ ਸਰਕਾਰ ਦੇ ਹਰ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮ ਦਾ ਲਾਭ ਹਲਕੇ ਦੇ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ।
ਇਨ੍ਹਾਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਵੱਲੋਂ ਗੈਰੀ ਬੜਿੰਗ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕਰਵਾਏ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪਿੰਡਾਂ ਦੀਆਂ ਪੰਚਾਇਤਾਂ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

