– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸੀ

– ਇਸ ਤਸਕਰੀ ਦੇ ਆਪ੍ਰੇਸ਼ਨ ਵਿੱਚ ਸ਼ਾਮਲ ਸਰੋਤ ਅਤੇ ਵੰਡ ਨੈਟਵਰਕ ਦੀ ਪਛਾਣ ਕਰਨ ਲਈ ਜਾਂਚ: ਐਸਐਸਪੀ ਦਿਹਾਤੀ ਚਰਨਜੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ:

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਯਾਦਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਫੜੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦਾ ਚੂਰਾ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਫੋਰਡ ਫਿਏਸਟਾ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਖੇਪ ਪਹੁੰਚਾਉਣ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ ’ਤੇ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸੀ ਅਤੇ ਦੱਸਿਆ ਗਿਆ ਸੀ ਕਿ ਉਸ ਨੂੰ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਸੀ। ਜਾਂਚ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਪਾਕਿ-ਅਧਾਰਤ ਸਮੱਗਲਰਾਂ ਨੇ ਡਰੱਗ ਦੀ ਖੇਪ ਲਿਜਾਣ ਲਈ ਡਰੋਨ ਦੀ ਵਰਤੋਂ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦੇ ਮੂਲ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੁਟੀਨ ਚੈਕਿੰਗ ਲਈ ਰੋਕਿਆ। ਉਸ ਨੇ ਦੱਸਿਆ ਕਿ ਉਸ ਦੀ ਡੂੰਘਾਈ ਨਾਲ ਤਲਾਸ਼ੀ ਲੈਣ ‘ਤੇ ਕਾਲੇ ਰੰਗ ਦੇ ਬੈਗ ‘ਚੋਂ 7.5 ਕਿਲੋਗ੍ਰਾਮ ਹੈਰੋਇਨ ਦੇ ਚਾਰ ਪੈਕੇਟ ਮਿਲੇ, ਜਿਸ ਨੂੰ ਗੱਡੀ ‘ਚ ਛੁਪਾ ਕੇ ਰੱਖਿਆ ਗਿਆ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਤਸਕਰੀ ਦੀ ਕਾਰਵਾਈ ਵਿੱਚ ਸ਼ਾਮਲ ਸਰੋਤ ਅਤੇ ਵੰਡ ਨੈਟਵਰਕ ਬਾਰੇ ਹੋਰ ਵੇਰਵੇ ਇਕੱਠੇ ਕਰਨ ਲਈ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ

ਇੱਕ ਕੇਸ FIR ਨੰ. 30 ਮਿਤੀ 14-02-2025 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 25 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ।

×