ਚੰਡੀਗੜ੍ਹ, 23 ਦਸੰਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਚੌਥੇ ਟੈੱਸਟ ਮੈਚ ਨੂੰ ਦੇਖਣ ਲਈ ਤਿਆਰੀਆਂ ਖਿੱਚੀਆਂ ਹੋਈਆਂ ਹਨ। ਹਾਲਾਂਕਿ ਉਨ੍ਹਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ ‘ਚੋਂ ਲੰਘ ਰਿਹਾ ਹੈ। ਸਰਹੱਦੀ ਜ਼ਿਲ੍ਹੇ ਧਮਾਕਿਆਂ ਨਾਲ ਹਿੱਲ ਗਏ ਹਨ, ਜਿਸ ਨਾਲ ਕਾਨੂੰਨ ਵਿਵਸਥਾ ਦੀ ਸਭ ਤੋਂ ਖ਼ਰਾਬ ਸਥਿਤੀ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ ‘ਚੋਂ ਇੱਕ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਰਾਹੀਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਸਾਜ਼ਿਸ਼ ਰਚੀ ਹੈ। ਅਜਿਹੇ ਹਾਲਾਤ ‘ਚ ਪੰਜਾਬ ਦੇ ਮੁੱਖ ਮੰਤਰੀ ਆਸਟ੍ਰੇਲੀਆ ‘ਚ ਕ੍ਰਿਕਟ ਮੈਚ ਦਾ ਆਨੰਦ ਲੈਣ ਬਾਰੇ ਕਿਵੇਂ ਸੋਚ ਸਕਦੇ ਹਨ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢੁਕਵਾਂ ਜਵਾਬ ਦੇਣ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ਦੇ ਪੰਜਾਬੀ ਕਿਸਾਨਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਨਵਰੀ 2025 ਤੱਕ ਮੁਲਤਵੀ ਕਰਨ ਦੀ ਬਜਾਏ ਦਸੰਬਰ 2024 ਵਿੱਚ ਹੋਣਾ ਚਾਹੀਦਾ ਸੀ।

ਬਾਜਵਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਸਥਿਰ ਹੈ। ਮਾਨ ਸਰਕਾਰ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।