ਪੱਟੀ: ਬਿਸ਼ਨੋਈ ਦੇ ਸ਼ਹਿਜ਼ਾਦ ਭੱਟੀ ਨਾਲ ਸੰਬੰਧਾਂ ਬਾਰੇ ਹਰ ਕੋਈ ਜਾਣਦਾ ਹੈ: ਬਾਜਵਾ
ਚੰਡੀਗੜ੍ਹ, 16 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੰਸ ਬਿਸ਼ਨੋਈ ਵਿਚਾਲੇ ਕਥਿਤ ਸੰਬੰਧਾਂ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਬਿਸ਼ਨੋਈ ਦੇ ਟੀਵੀ ਇੰਟਰਵਿਊ ‘ਚ ‘ਆਪ’ ਦੀ ਕਥਿਤ ਭੂਮਿਕਾ ਦਾ ਦੋਸ਼ ਲਾਇਆ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਆਧਾਰਤ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਜਲੰਧਰ ਵਿੱਚ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ‘ਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਬਿਸ਼ਨੋਈ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਾਇਆ ਸੀ। ਹਾਲਾਂਕਿ, ਉਹ ਭੁੱਲ ਗਏ ਕਿ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਕਾਲ ਦੌਰਾਨ ਹੀ ਗੈਂਗਸਟਰ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਇੰਟਰਵਿਊ ਦਿੱਤੀ ਸੀ ਜਦੋਂ ਉਹ ਅਜੇ ਵੀ ਪੁਲਿਸ ਹਿਰਾਸਤ ਵਿੱਚ ਸੀ।
ਉਨ੍ਹਾਂ ਕਿਹਾ ਕਿ ਮਾਮਲਾ ਇੱਥੇ ਹੀ ਖ਼ਤਮ ਨਹੀਂ ਹੁੰਦਾ। ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਹਿਰਾਸਤ ਵਿੱਚ ਬਿਸ਼ਨੋਈ ਦੀ ਇੰਟਰਵਿਊ ਦੀ ਰਿਕਾਰਡਿੰਗ ਵਿੱਚ ਮਦਦ ਕਰਨ ਦਾ ਦੋਸ਼ ਸੀ। ਇਹ ‘ਆਪ’ ਸਰਕਾਰ ਸੀ, ਜਿਸ ਨੇ ਉਸ ਨੂੰ ਸਮੇਂ ਸਿਰ ਗ੍ਰਿਫਤਾਰ ਨਹੀਂ ਕੀਤਾ ਅਤੇ ਉਸ ਨੂੰ ਭੱਜਣ ਦਿੱਤਾ। ਬਿਸ਼ਨੋਈ ਨੂੰ ਪਾਲਨ ਲਈ ਭਾਜਪਾ ਨੂੰ ਅਕਸਰ ਦੋਸ਼ੀ ਠਹਿਰਾਇਆ ਜਾਂਦਾ ਰਿਹਾ ਹੈ। ਫਿਰ ਵੀ ‘ਆਪ’ ਦਾ ਬਿਸ਼ਨੋਈ ਨਾਲ ਸਬੰਧ ਸਾਬਤ ਵੀ ਹੋ ਗਿਆ ਹੈ। ਬਾਜਵਾ ਨੇ ਕਿਹਾ ਕਿ ਸਾਡੇ ਕੋਲ ਬਿਸ਼ਨੋਈ ਨਾਲ ਸੰਬੰਧਾਂ ਨੂੰ ਲੈ ਕੇ ਭਾਜਪਾ ਅਤੇ ‘ਆਪ’ ਦੋਵਾਂ ‘ਤੇ ਸਵਾਲ ਚੁੱਕਣ ਦਾ ਹਰ ਕਾਰਨ ਹੈ।
ਬਾਜਵਾ ਨੇ ਨਸ਼ਾ ਤਸਕਰਾਂ ਵਿਰੁੱਧ ਹਾਲ ਹੀ ਵਿੱਚ ਚਲਾਈ ਗਈ ਮੁਹਿੰਮ ਬਾਰੇ ‘ਆਪ’ ਦੇ ਸੰਸਦ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਵਾਹਵਾਹੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਨਸ਼ਿਆਂ ਦੀ ਤਸਕਰੀ ਕਰਨ ਵਾਲੀਆਂ ਛੋਟੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਨੇ ਛੋਟੇ ਨਸ਼ਾ ਵਪਾਰੀਆਂ ਦੇ ਘਰਾਂ ਨੂੰ ਤਬਾਹ ਕਰ ਦਿੱਤਾ। ਬਾਜਵਾ ਨੇ ਕਿਹਾ ਕਿ ‘ਆਪ’ ਵੱਡੀਆਂ ਮੱਛੀਆਂ ਫੜਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਵੀ ਜ਼ੋਰਦਾਰ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਅਤੇ ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਗ੍ਰਹਿ ਵਿਭਾਗ ਦੀ ਹੈ ਪਰ ਉਹ ਗ੍ਰਹਿ ਮੰਤਰੀ ਵਜੋਂ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ ਹਨ।