ਆਪ’ ਸਰਕਾਰ ਦੇ ਸ਼ਾਸਨ ‘ਚ ਅਫ਼ਸਰਸ਼ਾਹੀ ਦੀ ਢਿੱਲੀ ਕਾਰਗੁਜ਼ਾਰੀ ‘ਤੇ ਵੀ ਚਾਨਣਾ ਪਾਇਆ

ਤਰਨ ਤਾਰਨ 2 ਸਤੰਬਰ 2024: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਹਲਕੇ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਚੱਲ ਰਹੇ ਕਿਸਾਨ ਧਰਨੇ ਦੇ ਜਵਾਬ ਵਿੱਚ, ਆਪਣੇ ਸ੍ਰੀ ਗੋਇੰਦਵਾਲ ਸਾਹਿਬ ਦੇ ਦੌਰੇ ਦੌਰਾਨ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁਲ ਕੇ ਨਿਖੇਧੀ ਕੀਤੀ ਹੈ।

ਧਰਨਾਕਾਰੀ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ, ਸ੍ਰ. ਬ੍ਰਹਮਪੁਰਾ ਨੇ ਢਾਈ ਸਾਲ ਸੱਤਾ ‘ਚ ਰਹਿਣ ਦੇ ਬਾਵਜੂਦ ਖ਼ੇਤੀ ਨੀਤੀ ਲਾਗੂ ਕਰਨ ‘ਚ ਪੰਜਾਬ ਸਰਕਾਰ ਦੀ ਕਥਿਤ ਤੌਰ ‘ਤੇ ਨਾਕਾਮੀ ਦੀ ਅਲੋਚਨਾਂ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਹੱਲ ਕਰਨ ਵਿੱਚ ਅਸਫ਼ਲ ਰਹਿਣ ਲਈ ਅਫ਼ਸਰਸ਼ਾਹੀ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੀ ਉਜਾਗਰ ਕੀਤਾ, ਜਿਸ ਵਿੱਚ ਰਸਾਇਣ ਮੁਕਤ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ, ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨਾਲ ਨਜਿੱਠਣਾ ਸ਼ਾਮਲ ਹੈ।

ਚੰਡੀਗੜ੍ਹ ਦੇ ਸੈਕਟਰ-34 ਵਿਖੇ ਧਰਨੇ ਲਈ ਇਕੱਠੇ ਹੋਏ ਕਿਸਾਨਾਂ ਦੇ ਨਾਲ, ਸ੍ਰ. ਬ੍ਰਹਮਪੁਰਾ ਨੇ ਖ਼ੇਤੀਬਾੜੀ ਭਾਈਚਾਰੇ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ‘ਆਪ’ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਤਰਜੀਹ ਦੇਣ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਜਦੋਂ ਕਿਸਾਨਾਂ ਨੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਦੇਣ ਲਈ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕੀਤੀ ਇਸ ਸੰਬੰਧੀ ਅਕਾਲੀ ਆਗੂ ਬ੍ਰਹਮਪੁਰਾ ਨੇ ਕਿਸਾਨਾਂ ਦੇ ਹੱਕਾਂ ਦੀ ਵਕਾਲਤ ਕਰਨ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਜਵਾਬਦੇਹੀ ਕਰਨ ਲਈ ਦਬਾਅ ਪਾਇਆ।

ਇੱਥੇ ਦੱਸਣਯੋਗ ਹੈ ਕਿ ਆਗਾਮੀ ਤਿੰਨ ਦਿਨਾਂ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ, ਸ੍ਰ. ਬ੍ਰਹਮਪੁਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਦੇ ਸੁਚਾਰੂ ਹਲ ਅਤੇ ਸੂਬੇ ਦੇ ਖ਼ੇਤੀ ਸੈਕਟਰ ਲਈ ਸਾਰਥਕ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਤੋਂ ਤੁਰੰਤ ਦਖਲ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਸਰਪੰਚ ਸ੍ਰੀ ਗੋਇੰਦਵਾਲ ਸਾਹਿਬ, ਅਮਰਜੀਤ ਸਿੰਘ ਸਾਬਕਾ ਸਰਪੰਚ ਖੇਲਾ, ਅਜਮੇਰ ਸਿੰਘ ਮੈਂਬਰ ਪੰਚਾਇਤ ਖੇਲਾ ਆਦਿ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।

ਕੈਪਸ਼ਨ: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਹੋਰ ਅਕਾਲੀ ਆਗੂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਮੀਡੀਆ ਪੁੱਛਗਿੱਛ ਲਈ, ਕਿਰਪਾ ਕਰਕੇ ਸੰਪਰਕ ਕਰੋ:-

ਰਵਿੰਦਰ ਸਿੰਘ ਬ੍ਰਹਮਪੁਰਾ
ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ, ਖਡੂਰ ਸਾਹਿਬ,
ਸ਼੍ਰੋਮਣੀ ਅਕਾਲੀ ਦਲ – ਫ਼ੋਨ: 9464460066

(ਦਮਨਜੀਤ ਸਿੰਘ)
ਫ਼ੋਨ: 7428718135

×