ਭਗਵੰਤ ਕਾਨੂੰਨ ਗ੍ਰਹਿ ਮੰਤਰੀ ਵਜੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ: ਡਾ. ਦਲਜੀਤ ਸਿੰਘ ਚੀਮਾ

ਰੋਪੜ, 23 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿਚ ਬਣੇ ਰਹਿਣ ਦੇ ਸਾਰੇ ਨੈਤਿਕ ਅਧਿਕਾਰ ਗੁਆ ਦਿੱਤੇ ਹਨ ਅਤੇ ਉਹਨਾਂ ਨੂੰ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਅਤੇ ਸੰਵਿਧਾਨਕ ਵਿਵਸਥਾ ਫੇਲ੍ਹ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਸ੍ਰੀ ਆਨੰਦਪੁਰ ਸਾਹਿਬ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਦੇ ਨੇੜੇ ਦੋਰਾਂਗਲਾ ਵਿਖੇ ਏ ਐਸ ਆਈ ਅਤੇ ਹੈਡ ਕਾਂਸਟੇਬਲ ਦੇ ਹੋਏ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿਚ ਪੁਲਿਸ ਬਲ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਆਮ ਆਦਮੀ ਅਤੇ ਵਪਾਰ ਤੇ ਉਦਯੋਗ ਜਗਤ ਦੇ ਲੋਕਾਂ ਵਿਚ ਦਹਿਸ਼ਤ ਫੈਲਾਉਣ ਮਗਰੋਂ ਅਤਿਵਾਦੀ ਸੰਗਠਨ ਹੁਣ ਪੁਲਿਸ ਫੋਰਸ ਦੇ ਮੈਂਬਰਾਂ ਨੂੰ ਕਤਲ ਕਰ ਕੇ ਉਹਨਾਂ ਨੂੰ ਚੁਣੌਤੀ ਦੇ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਲੋਕਾਂ ਨੇ ਰਾਕੇਟ ਲਾਂਚਰ ਨਾਲ ਸੂਬਾ ਇੰਟੈਲੀਜੈਂਸ ਹੈਡਕੁਆਰਟਰ ਨੂੰ ਨਿਸ਼ਾਨਾ ਬਣਾਇਆ ਸੀ ਤੇ ਸਰਹੱਦੀ ਪੱਟੀ ਵਿਚ ਪੁਲਿਸ ਥਾਣਿਆਂ ’ਤੇ ਗ੍ਰਨੇਡ ਸੁੱਟੇ ਸਨ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਸਾਰੇ ਹਾਲਾਤਾਂ ਲਈ ਭਗਵੰਤ ਮਾਨ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਗਵੰਤ ਮਾਨ ਗ੍ਰਹਿ ਮੰਤਰਾਲਾ ਸੰਭਾਲਣਯੋਗ ਨਹੀਂ ਹਨ। ਉਹਨਾਂ ਕਿਹਾ ਕਿ ਇਸ ਮਹੀਨੇ ਹੋਏ 25 ਕਤਲਾਂ ਸਮੇਤ ਇੰਨੇ ਕਤਲਾਂ ਦੀ ਨੈਤਿਕ ਜ਼ਿੰਮੇਵਾਰੀ ਉਹਨਾਂ ਸਿਰ ਹੈ ਜਿਹਨਾਂ ਵਿਚੋਂ ਕੁਝ ਤਾਂ ਪੁਲਿਸ ਥਾਣਿਆਂ ਅਤੇ ਅਦਾਲਤੀ ਕੰਪਲੈਕਸਾਂ ਦੇ ਬਾਹਰ ਹੋਏ ਹਨ। ਇਸ ਲਈ ਉਹਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਦੋਰਾਂਗਲਾ ਘਟਨਾ ਜਿਸ ਵਿਚ ਦੋ ਲੋਕਾਂ ਦੀ ਜਾਨ ਗਈ, ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ 12 ਘੰਟਿਆਂ ਮਗਰੋਂ ਵੀ ਸੂਬਾ ਪੁਲਿਸ ਦੇ ਹੱਥ ਖਾਲੀ ਹਨ। ਉਹਨਾਂ ਕਿਹਾ ਕਿ ਹੁਣ ਤੱਕ ਕਾਤਲਾਂ ਦਾ ਪਤਾ ਨਹੀਂ ਲਾਇਆ ਜਾ ਸਕਿਆ।

ਡਾ. ਚੀਮਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਅਸਫਲਤਾ ਦੇ ਨਾਲ-ਨਾਲ ਆਪ ਸਰਕਾਰ ਕਿਸਾਨਾਂ, ਸਰਕਾਰੀ ਮੁਲਾਜ਼ਮਾਂ ਅਤੇ ਮੀਡੀਆ ਤੇ ਸਿਆਸੀ ਵਿਰੋਧੀਆਂ ਨਾਲ ਵੀ ਸਹੀ ਤਰੀਕੇ ਪੇਸ਼ ਨਹੀਂ ਆ ਰਹੀ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਇਕ ਪੁਲਿਸ ਰਾਜ ਪੈਦਾ ਕਰ ਦਿੱਤਾ ਹੈ ਜਿਸ ਵਿਚ ਕਿਸਾਨਾਂ ’ਤੇ ਹੰਝੂ ਗੈਸ ਛੱਡੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਕਾਰਨ ਗ੍ਰਿਫਤਾਰੀਆਂ ਹੋ ਰਹੀਆਂ ਹਨ ਤੇ ਮੀਡੀਆ ਮੁਲਾਜ਼ਮਾਂ ਤੇ ਸਿਆਸੀ ਵਿਰੋਧੀਆਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਸਾਬਤ ਹੋਏ ਹਨ ਅਤੇ ਮੌਜੂਦਾ ਅਰਾਜਕਤਾ ਦੇ ਮਾਹੌਲ ਲਈ ਉਹ ਆਪ ਜ਼ਿੰਮੇਵਾਰ ਹਨ ਜਿਸ ਵਿਚ ਗੈਂਗਸਟਰ ਤੇ ਅਤਿਵਾਦੀ ਸੰਗਠਨ ਆਪਣੀ ਮਰਜ਼ੀ ਨਾਲ ਕੰਮ ਕਰ ਰਹੇ ਹਨ ਤੇ ਆਮ ਲੋਕ ਪੀੜਾ ਹੰਢਾ ਰਹੇ ਹਨ। ਉਹਨਾਂ ਕਿਹਾ ਕਿ ਸਿਰਫ ਭਗਵੰਤ ਮਾਨ ਨੂੰ ਹਟਾਉਣ ਨਾਲ ਹੀ ਪੰਜਾਬ ਵਿਚ ਪ੍ਰਸ਼ਾਸਨ ਮੁੜ ਲੀਹ ’ਤੇ ਪੈ ਸਕਦਾ ਹੈ।

×