ਪੰਜਾਬ ਸਰਕਾਰ ਨੇ ਹਜ਼ਾਰਾਂ ਪੈਨਸ਼ਨਰਾਂ ਨੂੰ ਗੁਣਾਂਕ 2.59 ਤੋਂ ਵਾਂਝੇ ਰੱਖ ਵੱਡਾ ਧੋਖਾ ਕੀਤਾ ਹੈ ਅਤੇ ਸੀਨੀਅਰ ਸਿਟੀਜ਼ਨਾਂ ਦਾ ਅਪਮਾਨ ਵੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਇਲਜ਼ਾਮ ਲਾਇਆ ਕਿ ਹੈ ਕਿ ਪੰਜਾਬ ਸਰਕਾਰ ਨੇ ਸਾਢੇ ਤਿੰਨ ਲੱਖ ਦੇ ਕਰੀਬ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਜੋ ਸਮਾਜ ਦੇ ਸੀਨੀਅਰ ਸਿਟੀਜ਼ਨ ਹਨ, ਸਰਕਾਰ ਦੀਆਂ ਵਧੀਕੀਆਂ ਕਾਰਨ ਸੜਕਾਂ ‘ਤੇ ਰੁਲ ਰਹੇ ਹਨ। ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਨੇ ਸਿਫਾਰਸ਼ ਕੀਤੀ ਸੀ ਕਿ ਪੈਨਸ਼ਨਰਾਂ ਦੀਆਂ ਪੈਨਸ਼ਨਾਂ 2.59 ਗੁਣਾਂਕ ਅੰਕ ਨਾਲ ਸੋਧੀਆਂ ਜਾਣ ਪਰ ਸਰਕਾਰ ਵੱਲੋਂ ਪੈਨਸ਼ਨਾਂ ‘ਚ ਸੋਧਾਂ ਘੱਟ ਦਰ ਨਾਲ ਕਰਕੇ ਵਿੱਤੀ ਸੱਟ ਮਾਰੀ ਹੈ। ਜਿਸ ਕਾਰਨ ਪੈਨਸ਼ਨਰਾਂ ਨੂੰ ਭਾਰੀ ਵਿੱਤੀ ਨੁਕਸਾਨ ਹੋ ਰਿਹਾ ਹੈ। ਪੈਨਸ਼ਨਰਜ਼ ਪਿੱਛਲੇ ਸਾਢੇ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਜ਼ਿੰਦਗੀ ਦੇ ਆਖਰੀ ਪੜਾਅ ‘ਤੇ ਪੁੱਜੇ ਪੈਨਸ਼ਨਰਜ਼ ਨੂੰ ਸਰਕਾਰ ਖਜਲ ਖੁਆਰ ਕਰ ਰਹੀ ਹੈ।
ਜਿਥੇ ਸਰਕਾਰ ਪੈਨਸ਼ਨਰਾਂ ਨੂੰ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਗੁਣਾਂਕ ਦਾ ਲਾਭ ਨਹੀਂ ਦੇ ਰਹੀ ਉਥੇ ਡੀਏ ਵੀ ਖੋਹਣ ਦੇ ਯਤਨ ਕੀਤੇ ਜਾ ਰਹੇ ਹਨ। ਵਿਜੇ ਸਾਂਪਲਾ ਨੇ ਕਿਹਾ ਕਿ ਪੈਨਸ਼ਨਰਜ਼ 2.59 ਗੁਣਾਂਕ ਦੀ ਲੜਾਈ ਹਾਈਕੋਰਟ ਵਿਚ ਵੀ ਲੜ ਰਹੇ ਹਨ ਪਰ ਸਰਕਾਰ ਅੜੀਅਲ ਵਤੀਰਾ ਅਖਤਿਆਰ ਕਰੀ ਬੈਠੀ ਹੈ।
ਆਮ ਆਦਮੀ ਪਾਰਟੀ ਦੇ ਆਗੂ ਚੋਣਾਂ ਤੋਂ ਪਹਿਲਾਂ ਸਰਕਾਰ ਬਣਨ ਦੀ ਸੂਰਤ ਵਿਚ ਪੈਨਸ਼ਨਰਾਂ ਨੂੰ ਇਨਸਾਫ ਦਿਵਾਉਣ ਦਾ ਵਾਅਦਾ ਕਰਦੇ ਰਹੇ ਹਨ ਪਰ ਪਿੱਛਲੇ ਪੌਣੇ ਪੰਜ ਸਾਲਾਂ ਦੌਰਾਨ ਇਨਸਾਫ਼ ਨਾ ਦੇ ਕੇ ਇਸ ਵਰਗ ਨਾਲ ਵੱਡਾ ਧ੍ਰੋਹ ਕਮਾਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਰੇਕ ਵਰਗ ਨਾਲ ਵਾਅਦਾਖਿਲਾਫੀ ਕੀਤੀ ਹੈ ਅਤੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਨੂੰਨੀ ਤੇ ਸੜਕੀ ਲੜਾਈਆਂ ਲੜਣ ਲਈ ਮਜਬੂਰ ਕੀਤਾ ਹੈ।
ਸਾਂਪਲਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣ ਦੀ ਸੂਰਤ ‘ਚ ਪੈਨਸ਼ਨਰਾਂ ਦੀ 2.59 ਗੁਣਾਂਕ ਦੀ ਮੰਗ ਜਿਥੇ ਪੂਰੀ ਕੀਤੀ ਜਾਵੇਗੀ ਉਥੇ ਹੋਰ ਸਾਰੇ ਜਾਇਜ਼ ਮਸਲੇ ਵੀ ਹਲ ਕੀਤੇ ਜਾਣਗੇ।


