ਬਘੜੌਲ (ਦਿਰਭਾ), 11 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ 1 ਕਰੋੜ ਰੁਪਏ ਦਾ ਚੈੱਕ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ।
9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸ਼ਹੀਦ ਹੌਲਦਾਰ ਜਸਪਾਲ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਨੂੰ ਸਨਮਾਨਿਤ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਾਦਤ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਦੀ ਨਹੀਂ, ਸਗੋਂ ਸਮੁੱਚੇ ਭਾਈਚਾਰੇ ਦੀ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੌਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਲਗਨ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।