ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਤਿਕਾਰ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹਲਕਾ ਅਮਲੋਹ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਮਾਣਯੋਗ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸ਼ਿਰਕਤ ਕਰਦਿਆਂ ਹਲਕੇ ਦੀਆਂ 166 ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ।
ਇਸ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਲਕਾ ਅਮਲੋਹ ਲਈ ਕੁੱਲ ₹13.50 ਲੱਖ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਾਡੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜੋ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਛੋਟੇ ਬੱਚਿਆਂ ਦੇ ਪਾਲਣ-ਪੋਸ਼ਣ, ਗਰਭਵਤੀ ਮਹਿਲਾਵਾਂ ਦੀ ਸੰਭਾਲ ਅਤੇ ਸਰਕਾਰੀ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ, “ਮਹਿਲਾਵਾਂ ਦਾ ਸਨਮਾਨ, ਪੰਜਾਬ ਦਾ ਮਾਣ!” ਸਾਡੀ ਸਰਕਾਰ ਦਾ ਮੁੱਖ ਮਕਸਦ ਧੀਆਂ-ਭੈਣਾਂ ਅਤੇ ਮਾਵਾਂ ਦਾ ਸਤਿਕਾਰ ਬਹਾਲ ਕਰਨਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਬਣਦਾ ਮਾਣ-ਸਨਮਾਨ ਦੇਣਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਸਮਾਜ ਸੇਵਾ ਅਤੇ ਮਹਿਲਾ-ਬਾਲ ਭਲਾਈ ਦੇ ਖੇਤਰ ਵਿੱਚ ਦਿੱਤੇ ਜਾ ਰਹੇ ਯੋਗਦਾਨ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਨ ਸਰਕਾਰ ਹਰ ਵਰਗ ਦੇ ਨਾਲ-ਨਾਲ ਸਾਡੀਆਂ ਮਹਿਲਾ ਵਰਕਰਾਂ ਦੀਆਂ ਮੰਗਾਂ ਅਤੇ ਸੁਵਿਧਾਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਹਲਕਾ ਅਮਲੋਹ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀ, ਆਪ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ।


