ਭਗਵੰਤ ਮਾਨ ਸਰਕਾਰ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ

ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮੁਲਾਜ਼ਮਾਂ ਨੂੰ ਬਣਦੇ ਹੱਕ ਨਹੀਂ ਮਿਲ ਰਹੇ: ਚਰਨਜੀਤ ਸਿੰਘ ਚੰਨੀ

ਜਲੰਧਰ, 13 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਜਲੰਧਰ ਤੋਂ ਮੌਜੂਦਾ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਗਵੰਤ ਮਾਨ ਸਰਕਾਰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਬਣਦੇ ਹੱਕਾਂ ਤੋਂ ਵਾਂਝੇ ਰਹਿ ਰਹੇ ਹਨ।

ਸਾਬਕਾ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੇਲੇ ਦੇ ਫ਼ੈਸਲਿਆਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਬਣਦਿਆਂ ਹੀ ਡੀ.ਏ. ਇਕੱਠਾ ਜਾਰੀ ਕੀਤਾ ਸੀ ਅਤੇ ਪੰਜਾਬ ਵਿੱਚ ਪੇਅ-ਕਮਿਸ਼ਨ ਲਾਗੂ ਕਰ ਕੇ ਤਨਖ਼ਾਹਾਂ ਵਧਾਈਆਂ ਸਨ। ਪਰ ਮੌਜੂਦਾ ਸਰਕਾਰ ਡੀ.ਏ. ਦੇਣ ਦੀ ਬਜਾਏ ਅਦਾਲਤਾਂ ਵਿੱਚ ਅਪੀਲਾਂ ਪਾ ਕੇ ਮਾਮਲੇ ਨੂੰ ਲਟਕਾ ਰਹੀ ਹੈ।

ਚੰਨੀ ਨੇ ਨਾਲ ਹੀ ਸਮੇਂ ਸਿਰ ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਮਿਲਣ ਦਾ ਮੁੱਦਾ ਚੁੱਕਦੇ ਹੋਏ ਮੌਜੂਦਾ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਸਮੇਂ ਸਿਰ ਨਾ ਮਿਲਣ ਤਾਂ ਅਜਿਹੇ ਹਾਲਾਤਾਂ ਵਿੱਚ ਮੁਲਾਜ਼ਮ ਆਪਣਾ ਗੁਜ਼ਾਰਾ ਕਿਸ ਤਰਾਂ ਕਰਨਗੇ ?
ਸੂਬੇ ਦੀ ਡਾਵਾਂਡੋਲ ਹੋ ਰਹੀ ਵਿੱਤੀ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦੇ ਹੋਏ ਚੰਨੀ ਨੇ ਕਿਹਾ ਕਿ ਪੰਜਾਬ ਦੇ ਮਾਲੀ ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਭਗਵੰਤ ਮਾਨ ਸਰਕਾਰ ਕੋਲ ਮੁਲਾਜ਼ਮਾਂ ਨੂੰ ਭੱਤੇ ਦੇਣ ਲਈ ਵੀ ਪੈਸੇ ਨਹੀਂ ਹਨ। ਸੂਬੇ ‘ਚ ਵਿਕਾਸ ਦੇ ਕੰਮ ਰੁਕੇ ਹੋਏ ਹਨ ਅਤੇ ਨਾ ਹੀ ਕਿਸੇ ਪਿੰਡ ਨੂੰ ਕੋਈ ਗਰਾਂਟ ਜਾਰੀ ਕੀਤੀ ਜਾ ਰਹੀ ਹੈ।

ਚੰਨੀ ਨੇ ਮੁਹਾਲੀ ਦੀਆਂ ਸੜਕਾਂ ਦੇ ਨਾਮ ‘ਤੇ 600 ਕਰੋੜ ਰੁਪਏ ਦਾ ਕਰਜ਼ਾ ਲੈਣ ‘ਤੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਸਰਕਾਰ ਅੱਜ ਕਰਜ਼ਾ ਲੈ ਰਹੀ ਹੈ ਜਿਸ ਦਾ ਬੋਝ ਆਉਣ ਵਾਲੀਆਂ ਸਰਕਾਰਾਂ ਅਤੇ ਜਨਤਾ ‘ਤੇ ਪਵੇਗਾ।

ਸਾਂਸਦ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਤੁਰੰਤ ਜਾਰੀ ਕਰੇ। ਉਨ੍ਹਾਂ ਮੰਗ ਕੀਤੀ ਕਿ ਡੀ.ਏ. ਦੀ ਰਕਮ ਕਿਸ਼ਤਾਂ ਵਿੱਚ ਦੇਣ ਦੀ ਬਜਾਏ ਇੱਕ ਮੁਸ਼ਤ ਦਿੱਤੀ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਕੁੱਝ ਰਾਹਤ ਮਿਲ ਸਕੇ।

×