ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਦਫ਼ਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਅਧਿਕਾਰੀ ਨੇ ਉਸ ਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਲੈ ਲਏ ਸਨ, ਜਦੋਂ ਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਅਧਿਕਾਰੀ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਵੀਬੀ ਰੇਂਜ ਬਠਿੰਡਾ ਵੱਲੋਂ ਇਸ ਖੰਭੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ ਦਫ਼ਤਰ ਵੱਲੋਂ ਕੋਈ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।