ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਮ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆ ਪ੍ਰਬੰਧ ਪ੍ਰਭਾਵਿਤ ਹੋ ਰਿਹਾ ਹੈ, ਤਾਂ ਅਜਿਹੇ ਸਮਾਗਮ ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।
ਸ਼ਵੇਤ ਮਲਿਕ ਨੇ ਕਿਹਾ ਕਿ, ‘‘ਪੰਜਾਬ ਦੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਮਨਜ਼ੂਰਸ਼ੁਦਾ 1,927 ਅਸਾਮੀਆਂ ਵਿੱਚੋਂ 1,153 ਖਾਲੀ ਪਈਆਂ ਹਨ। ਇਸ ਦਾ ਮਤਲਬ ਹੈ ਕਿ ਲਗਭਗ 60 ਫ਼ੀਸਦੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰੀਆਂ ਨਹੀਂ ਗਈਆਂ। ਅਜਿਹੀ ਸਥਿਤੀ ਵਿੱਚ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਦੇ ਦਾਅਵੇ ਕਰਨਾ ਹਕੀਕਤ ਤੋਂ ਮੂੰਹ ਮੋੜਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਸਮਾਗਮ ਦਾ ਅਧਿਆਪਕਾਂ ਦੀਆਂ ਜਥੇਬੰਦੀਆਂ ਵੀ ਵਿਰੋਧ ਕਰ ਰਹੀਆਂ ਹਨ, ਅਧਿਆਪਕ ਜਥੇਬੰਦੀਆਂ ਵਲੋਂ ਮੀਡੀਆ ਨੂੰ ਦਿੱਤੇ ਗਏ ਡਾਟਾ ਮੁਤਾਬਕ ਨਵਾਂਸ਼ਹਿਰ ਦੇ ਲਗਭਗ 60 ਫ਼ੀਸਦੀ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ, ਜਦਕਿ ਜਲੰਧਰ ਅਤੇ ਕਪੂਰਥਲਾ ਵਿੱਚ ਇਹ ਅੰਕੜਾ ਲਗਭਗ 70 ਫ਼ੀਸਦੀ ਹੈ। ਹੁਸ਼ਿਆਰਪੁਰ ਵਿੱਚ ਵੀ 52 ਫ਼ੀਸਦੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਿੰਸੀਪਲ ਕਿਸੇ ਵੀ ਸਕੂਲ ਦੇ ਪ੍ਰਬੰਧ, ਅਧਿਆਪਕਾਂ ਦੀ ਕਾਰਗੁਜ਼ਾਰੀ ਅਤੇ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜਦੋਂ ਸਕੂਲਾਂ ਵਿੱਚ ਅਗਵਾਈ ਕਰਨ ਵਾਲੇ ਅਧਿਕਾਰੀ ਹੀ ਮੌਜੂਦ ਨਹੀਂ ਹੋਣਗੇ, ਤਾਂ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਿਵੇਂ ਹੋਵੇਗਾ? ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ਼ਤਿਹਾਰਬਾਜ਼ੀ ਅਤੇ ਸਮਾਗਮਾਂ ’ਤੇ ਧਿਆਨ ਦੇਣ ਦੀ ਬਜਾਏ ਸਕੂਲਾਂ ਵਿੱਚ ਖਾਲੀ ਅਸਾਮੀਆਂ ਭਰਨ ਨੂੰ ਪਹਿਲ ਦੇਵੇ।
ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੂੰ ਗ਼ੈਰ-ਵਿੱਦਿਅਕ ਕੰਮਾਂ ਅਤੇ ਵਾਧੂ ਜ਼ਿੰਮੇਵਾਰੀਆਂ ਵਿੱਚ ਉਲਝਾਉਣ ਦੀ ਬਜਾਏ ਉਨ੍ਹਾਂ ਨੂੰ ਪੜ੍ਹਾਉਣ ਲਈ ਲੋੜੀਂਦਾ ਸਮਾਂ ਅਤੇ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।


