ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅਕਾਲੀ ਦਲ-ਬਸਪਾ ਦੇ ਵਫਦ ਨੂੰ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਉਹਨਾਂ ਦੇ ਪਿੰਡ ਖਟਕੜ ਕਲਾਂ ਵਿਚ ਸ਼ਰਧਾਂਜਲੀ ਭੇਂਟ ਕਰਨ ਤੋਂ ਰੋਕਣ ਦਾ ਯਤਨ ਕਰਨ ਦੀ ਨਿਖੇਧੀ ਕੀਤੀ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਆਗੂ ਨੇ ਦੱਸਿਆ ਕਿ ਅਕਾਲੀ ਦਲ ਤੇ ਬਸਪਾ ਵਫਦ ਜਿਸ ਵਿਚ ਬਸਪਾ ਦੇ ਵਿਧਾਇਕ ਡਾ. ਨਛੱਛਰਪਾਲ ਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੀ ਸ਼ਾਮਲ ਸਨ, ਨੂੰ ਅੱਜ ਸਵੇਰੇ ਖਟਕੜ ਕਲਾਂ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਤੋਂ ਰੋਕਣ ਦਾ ਯਤਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਮਗਰੋਂ ਅਕਾਲੀ ਦਲ ਤੇ ਬਸਪਾ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰ ਕੇ ਆਪ ਸਰਕਾਰ ਨੂੰ ਬੇਨਕਾਬ ਕੀਤਾ।
ਡਾ. ਸੁਖਵਿੰਦਰ ਸੁੱਖੀ ਨੇ ਮੰਗ ਕੀਤੀ ਕਿ ਉਹਨਾਂ ਨੂੰ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਰੋਕਣ ਲਈ ਜ਼ਿੰਮੇਵਾਰ ਪੁਲਿਸ ਅਫਸਰ ਨੂੰ ਸਸਪੈਂਡ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਇਹ ਬਸਪਾ ਵਿਧਾਇਕ ਡਾ. ਨਛੱਤਰਪਾਲ ਨਾਲ ਮਿਲ ਕੇ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਿਚ ਲਿਆਉਣਗੇ ਤਾਂ ਜੋ ਮਾਮਲੇ ਵਿਚ ਕਾਰਵਾਈ ਕੀਤੀ ਜਾ ਸਕੇ।