ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ

ਚੰਡੀਗੜ੍ਹ, 6 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵਜੋਂ 100 ਕਰੋੜ ਰੁਪਏ ਦੇ ਸਾਈਬਰ ਫਰਾਡ ਦੇ ਮਾਮਲੇ ਦੀ ਪੰਜਾਬ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਜਿਸ ਵਿਚ ਮੰਤਰੀ ਹਰਜੋਤ ਬੈਂਸ ਮੁਲਜ਼ਮ ਵਜੋਂ ਸ਼ਾਮਲ ਹਨ ਤੇ ਇਹੋ ਚਾਹੁੰਦੇ ਹਨ।

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦਾ ਖੁਲ੍ਹਾਸਾ ਇੰਸਪੈਕਟਰ ਅਮਨਜੋਤ ਕੌਰ ਨੇ ਕੀਤਾ ਹੈ ਜਿਹਨਾਂ ਨੇ ਮੰਤਰੀ ਤੇ ਉਹਨਾਂ ਦੀ ਪਤਨੀ ਜਯੋਤੀ ਯਾਦਵ ’ਤੇ ਮੁਹਾਲੀ ਵਿਚ ਇਕ ਬੇਸਮੈਂਟ ਤੋਂ ਚਲਾਏ ਜਾ ਰਹੇ ਕਾਲ ਸੈਂਟਰ ਦੇ ਮਾਮਲੇ ਦੀ ਜਾਂਚ ਵਿਚ ਰੁਕਾਵਟ ਪਾਉਣ ਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਸਰਦਾਰ ਹਰਜੋਤ ਬੈਂਸ ਨੇ ਸਾਰੇ ਮਾਮਲੇ ਦੀ ਜਾਂਚ ਦਾ ਸਵਾਗਤ ਕਰਨ ਦਾ ਐਲਾਨ ਕੀਤਾ ਹੈ ਤਾਂ ਮੁੱਖ ਮੰਤਰੀ ਹੁਣ ਸਰਦਾਰ ਬੈਂਸ ਦੇ ਐਲਾਨ ਦਾ ਮਾਣ ਰੱਖਦਿਆਂ ਆਪਣੇ ਮੰਤਰੀ ਦੇ ਕਹੇ ਮੁਤਾਬਕ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਸੀ ਬੀ ਆਈ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਮਾਮਲੇ ਵਿਚ ਜ਼ਰੂਰੀ ਹੈ ਕਿਉਂਕਿ ਪੰਜਾਬ ਪੁਲਿਸ ਤੋਂ ਕੇਸ ਵਿਚ ਨਿਆਂ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਠ ਮਹੀਨੇ ਪਹਿਲਾਂ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਮਾਮਲਾ ਉਸਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਮਾਮਲੇ ਦੀ ਸਹੀ ਜਾਂਚ ਨਹੀਂ ਕੀਤੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਵਿੱਤੀ ਐਮਰਜੰਸੀ ਲੱਗੀ ਹੈ ਤੇ ਕਾਨੂੰਨ ਵਿਵਸਥਾ ਦੇ ਮਾਮਲੇ ’ਤੇ ਵੀ ਐਮਰਜੰਸੀ ਲੱਗੀ ਹੈ। ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਸੂਬੇ ਸਿਰ ਕਰਜ਼ਾ ਇਕ ਲੱਖ ਕਰੋੜ ਰੁਪਏ ਵੱਧ ਗਿਆ ਹੈ ਤੇ ਆਪ ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣੀਆਂ ਵੀ ਔਖੀਆਂ ਲੱਗ ਰਹੀਆਂ ਹਨ।

ਉਹਨਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ ਤੇ ਪੈਸੇ ਇਕੱਠੇ ਕਰਨ ਵਾਸਤੇ 11 ਲੱਖ ਬਿਜਲੀ ਖਪਤਕਾਰਾਂ ਸਿਰ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਬੋਝ ਪਾ ਦਿੱਤਾ ਹੈ। ਉਹਨਾ‌ਕਿਹਾ ਕਿ ਬਜਾਏ ਆਮ ਆਦਮੀ ਨੂੰ ਮਾਰ ਪਾਉਣ ਅਤੇ ਡੀਜ਼ਲ ’ਤੇ ਵੈਟ ਵਧਾ ਕੇ ਮਹਿੰਗਾਈ ਵਧਾਉਣ ਤੇ ਖੇਤੀਬਾੜੀ ਦੀ ਲਾਗਤ ਨੂੰ ਹੋਰ ਵਧਾਉਣ ਦੇ ਆਪ ਸਰਕਾਰ ਨੂੰ ਇਸ਼ਤਿਹਾਰਬਾਜ਼ੀ, ਜਨਤਕ ਪ੍ਰੋਗਰਾਮਾਂ ਤੇ ਹੋਰ ਰਾਜਾਂ ਵਿਚ ਪ੍ਰਚਾਰ ਮੁਹਿੰਮਾਂ ’ਤੇ ਫਾਲਤੂ ਖਰਚਾ ਕਰਨ ਤੋਂ ਬਚਣਾ ਚਾਹੀਦਾ ਹੈ।

ਸਰਦਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਐਨ ਆਰ ਆਈ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ ਤੇ ਅੰਮ੍ਰਿਤਸਰ ਦੀ ਮੰਡੀ ਵਿਚ ਕਰੋੜਾਂ ਰੁਪਏ ਦਾ ਡ੍ਰਾਈ ਫਰੂਟ ਲੁੱਟ ਲਿਆ ਗਿਆ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਗੁੰਡਾਗਰਦੀ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਕੋਈ ਵੀ ਪੰਜਾਬ ਵਿਚ ਨਿਵੇਸ਼ ਕਰਨ ਵਾਸਤੇ ਰਾਜ਼ੀ ਨਹੀਂ ਹੈ ਤੇ ਵਾਰ-ਵਾਰ ਫਿਰੌਤੀਆਂ ਕਾਰਣ ਲੋਕਾਂ ਨੂੰ ਜਾਨ ਦਾ ਡਰ ਬਣਿਆ ਹੋਇਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਆਪ ਸਰਕਾਰ ਨਾ ਸਿਰਫ ਆਪਣੇ ਸਾਰੇ ਵਾਅਦੇ ਕਰਨ ਤੋਂ ਭੱਜ ਗਈ ਹੈ ਬਲਕਿ ਇਸਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਸੂਬੇ ਵਿਚ ਨਸ਼ਾ ਘਰ-ਘਰ ਫੈਲ ਗਿਆ ਹੈ। ਉਹਨਾਂਕਿਹਾ ਕਿ ਸੂਬੇ ਵਿਚ ਕੋਈ ਵਿਕਾਸ ਕਾਰਜ ਨਹੀਂ ਹੋ ਰਿਹਾ ਤੇ ਨਾਗਰਿਕ ਸੇਵਾਵਾਂ ਠੱਪ ਹੋ ਗਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ।