ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਰਾਜ ਪੱਧਰੀ ਮੁਹਿੰਮ ਚਲਾਏਗਾ – ਵਰਿੰਦਰ ਕੁਮਾਰ, ਚੀਫ ਡਾਇਰੈਕਟਰ, ਵਿਜੀਲੈਂਸ ਬਿਊਰੋ

ਚੰਡੀਗੜ੍ਹ, 27 ਅਕਤੂਬਰ, 2024 –
ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਤਾਂ ਜੋ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਭ੍ਰਿਸ਼ਟਾਚਾਰ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਇੱਕ ਰਾਜ ਅਤੇ ਇਸਦੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਦੇ ਖਿਲਾਫ ਕੀਤਾ ਗਿਆ ਘਿਨਾਉਣਾ ਅਪਰਾਧ ਹੈ, ਭਾਵੇਂ ਸੇਵਾ ਪ੍ਰਦਾਤਾ ਜਾਂ ਸੇਵਾ ਪ੍ਰਾਪਤਕਰਤਾ ਦੁਆਰਾ ਕੀਤਾ ਗਿਆ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ ਅਤੇ ਨਿੱਜੀ ਅਤੇ ਜਨਤਕ ਖੇਤਰ ਦੇ ਸਰਵਪੱਖੀ ਵਿਕਾਸ ਰਾਹੀਂ ਲੋਕਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਵਿਜੀਲੈਂਸ ਬਿਊਰੋ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਜੀਲੈਂਸ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਮਾਨਦਾਰੀ ਅਤੇ ਕੁਸ਼ਲਤਾ ਨਾਲ ਕੰਮ ਕਰਨ ਅਤੇ ਵਿਜੀਲੈਂਸ ਬਿਊਰੋ ਦੇ ਲੰਬਿਤ ਪਏ ਕੇਸਾਂ ਦਾ ਜਲਦੀ ਨਿਪਟਾਰਾ ਕਰਨ।

ਉਨ੍ਹਾਂ ਕਿਹਾ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਸਪਤਾਹ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਪੈਦਾ ਕਰਨਾ ਹੈ। ਇਸ ਜਾਗਰੂਕਤਾ ਹਫ਼ਤੇ ਦੌਰਾਨ ਬਿਊਰੋ ਵੱਲੋਂ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਰਾਜ ਦੀਆਂ ਸਾਰੀਆਂ 7 ਰੇਂਜਾਂ ਵਿੱਚ ਵਿੱਦਿਅਕ ਸੰਸਥਾਵਾਂ ਅਤੇ ਹੋਰ ਥਾਵਾਂ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼ ਅਤੇ ਫੀਲਡ ਅਫਸਰ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੰਦੇਸ਼ ਦੇਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਸਾਲ 2022 ਵਿੱਚ ਕੀਤੀ ਗਈ ਸੀ ਅਤੇ ਬਿਊਰੋ ਵੱਲੋਂ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸ ਐਕਸ਼ਨ ਲਾਈਨ ‘ਤੇ 189 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

×