ਚੰਡੀਗੜ੍ਹ, 19 ਮਾਰਚ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਸਰਬਜੀਤ ਸਿੰਘ, ਜੋ ਕਿ ਇਸ ਵੇਲੇ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਦੇ ਪਿੰਡ ਗਿਲਾਂਵਾਲੀ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿੱਚ ਐਫ.ਆਈ.ਆਰ. ਦਰਜ ਕਰਵਾਈ ਗਈ ਸੀ, ਜਿਸ ਵਿਚ ਏ.ਐੱਸ.ਆਈ. ਸਰਬਜੀਤ ਸਿੰਘ ਜਾਂਚ ਅਧਿਕਾਰੀ (ਆਈ.ਓ.) ਸਨ। ਸ਼ਿਕਾਇਤਕਰਤਾ ਅਨੁਸਾਰ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਉਸ ਦੀ ਕਾਰ ਨੂੰ ਸੌਂਪਣ ਦੇ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 3000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

×