ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ; ਪੰਜਾਬ ਲਈ ਲਏ ਅਹਿਮ ਫੈਸਲਿਆਂ ਲਈ ਕੀਤਾ ਧੰਨਵਾਦ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਸ ਵੇਲੇ ਹੋਈ ਜਦੋਂ ਪ੍ਰਧਾਨ ਮੰਤਰੀ ਸ੍ਰੀ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਨਾਲ ਜੁੜੇ ਪ੍ਰਸਿੱਧ ਅਧਿਆਤਮਕ ਕੇਂਦਰ, ਡੇਰਾ ਸੱਚਖੰਡ ਬੱਲਾਂ ਦੇ ਦੌਰੇ ‘ਤੇ ਆਏ ਹੋਏ ਸਨ।
ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਫੈਸਲਾ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਦਾ ਵੱਡਾ ਸਨਮਾਨ ਹੈ। ਕੈਪਟਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਗੁਰੂ ਸਾਹਿਬ ਦੇ ਬਰਾਬਰੀ, ਸਮਾਜਿਕ ਨਿਆਂ ਅਤੇ ਮਨੁੱਖੀ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਦੀ ਇੱਕ ਨਿਮਾਣੀ ਜਿਹੀ ਕੋਸ਼ਿਸ਼ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਐਵਾਰਡ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਆਪਣੀ ਪੂਰੀ ਜ਼ਿੰਦਗੀ ਲੋਕਾਂ ਦੀ ਸੇਵਾ ਅਤੇ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਫੈਲਾਉਣ ਵਿੱਚ ਲਗਾ ਦਿੱਤੀ ਹੈ, ਅਤੇ ਇਹ ਐਵਾਰਡ ਉਨ੍ਹਾਂ ਦੀ ਇਸੇ ਮਿਹਨਤ ਦਾ ਸਨਮਾਨ ਹੈ। ਕੈਪਟਨ ਨੇ ਅੱਗੇ ਕਿਹਾ ਕਿ ਇਸ ਖ਼ਬਰ ਨਾਲ ਦੁਨੀਆ ਭਰ ਦੇ ਰਵਿਦਾਸੀਆ ਭਾਈਚਾਰੇ ਦੇ ਲੋਕਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਟਰਮੀਨਲ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਜਹਾਜ਼ਾਂ ਦੀ ਆਵਾਜਾਈ ਵਧੇਗੀ ਅਤੇ ਲੋਕਾਂ ਨੂੰ ਬਹੁਤ ਸਹੂਲਤ ਹੋਵੇਗੀ। ਕੈਪਟਨ ਨੇ ਇਹ ਵੀ ਕਿਹਾ ਕਿ ਜਦੋਂ ਬਾਹਰੋਂ ਆਉਣ-ਜਾਣ ਦੇ ਰਸਤੇ ਸੌਖੇ ਹੋਣਗੇ, ਤਾਂ ਸੂਬੇ ਵਿੱਚ ਵਪਾਰ ਵਧੇਗਾ, ਨਵੀਆਂ ਫੈਕਟਰੀਆਂ ਲੱਗਣਗੀਆਂ ਅਤੇ ਟੂਰਿਜ਼ਮ ਨੂੰ ਵੀ ਫਾਇਦਾ ਹੋਵੇਗਾ, ਜਿਸ ਨਾਲ ਪੰਜਾਬ ਦੀ ਮਾਲੀ ਹਾਲਤ ਸੁਧਰੇਗੀ।
ਕੈਪਟਨ ਨੇ ਅੱਗੇ ਕਿਹਾ ਕਿ ਗੁਰੂ ਰਵੀਦਾਸ ਜੀ ਦੇ ਵਿਚਾਰ ਜਿਵੇਂ ਕਿ ਸਭ ਨੂੰ ਬਰਾਬਰ ਸਮਝਣਾ, ਮਿਹਨਤ ਦੀ ਕਦਰ ਕਰਨਾ ਅਤੇ ਇੱਕ-ਦੂਜੇ ਨਾਲ ਪਿਆਰ ਤੇ ਹਮਦਰਦੀ ਰੱਖਣਾ,ਅੱਜ ਵੀ ਸਾਨੂੰ ਸਹੀ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇੱਕ ਚੰਗਾ ਅਤੇ ਮਿਲ-ਜੁਲ ਕੇ ਰਹਿਣ ਵਾਲਾ ਸਮਾਜ ਬਣਾਉਣ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਬਹੁਤ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਧਰਮ-ਕਰਮ ਅਤੇ ਅਮੀਰ ਇਤਿਹਾਸ ਨੂੰ ਸਤਿਕਾਰ ਦੇਣ ਦੇ ਨਾਲ-ਨਾਲ ਸੂਬੇ ਦੀ ਤਰੱਕੀ ਲਈ ਵੀ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਮੁਤਾਬਕ ਅਜਿਹੇ ਕੰਮਾਂ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ, ਦੇਸ਼ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਾਰਿਆਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ।