ਚੰਡੀਗੜ੍ਹ, 22 ਜਨਵਰੀ ( ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 22 ਜਨਵਰੀ ਨੂੰ ਪੰਜਾਬ ਵਿੱਚ ਛੁੱਟੀ ਨਾ ਐਲਾਨਣ ‘ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਦੇ ਧਾਰਮਿਕ ਅਧਿਕਾਰਾਂ ਦਾ ਘਾਣ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕੀਤਾ ਹੈ।
ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿਰੋਧੀ, ਹਿੰਦੂ ਵਿਰੋਧੀ ਅਤੇ ਸਨਾਤਨ ਵਿਰੋਧੀ ਹੈ। ਪੰਜਾਬ ਸਰਕਾਰ ਨੇ ਅੱਜ 22 ਜਨਵਰੀ ਦੇ ਇਸ ਇਤਿਹਾਸਕ ਦਿਹਾੜੇ ‘ਤੇ ਪੰਜਾਬ ‘ਚ ਛੁੱਟੀ ਦਾ ਐਲਾਨ ਨਾ ਕਰਕੇ ਇਸਦਾ ਸਪੱਸ਼ਟ ਸਬੂਤ ਦਿੱਤਾ ਹੈ। ਪੰਜਾਬ ਵਿੱਚ ਅੱਜ 22 ਜਨਵਰੀ ਨੂੰ ਛੁੱਟੀ ਨਾ ਦੇ ਕੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਰੋੜਾਂ ਪੰਜਾਬੀ ਸਨਾਤਨੀ ਭੈਣ-ਭਰਾਵਾਂ ਅਤੇ ਬੱਚਿਆਂ ਨੂੰ ਇਸ ਇਤਿਹਾਸਕ ਪਲ ਦੇ ਗਵਾਹ ਹੋਣ ਤੋਂ ਰੋਕ ਕੇ, ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਦੇ ਦਿਲਾਂ ਵਿੱਚ ਸ਼੍ਰੀ ਰਾਮ ਜੀ ਪ੍ਰਤੀ ਪ੍ਰੇਮ ਅਤੇ ਸ਼ਰਧਾ ਦੀ ਭਾਵਨਾ ਨੂੰ ਰੋਕਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਇਸ ਸਾਲ ਦੀ ਦੂਜੀ ਦੀਵਾਲੀ ਮਨਾ ਰਿਹਾ ਹੈ ਤਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਦੀਆਂ ਖੁਸ਼ੀ ‘ਚ ‘ਰੰਗ ਚ ਭੰਗ’ ਕਰਨ ਦਾ ਕੰਮ ਕੀਤਾ ਹੈ, ਜਿਸ ਲਈ ਪੰਜਾਬ ਵਾਸੀ ਭਗਵੰਤ ਮਾਨ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।