ਡੱਬਵਾਲੀ 06 ਮਾਰਚ- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਅੱਜ ਡੱਬਵਾਲੀ ਬਾਰਡਰ ਤੇ ਪੱਕੇ ਮੋਰਚੇ ਵਿੱਚ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੱਤਰਕਾਰ ਸੰਦੀਪ ਲਾਧੂਕਾ ਨੂੰ ਧਮਕੀਆਂ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਦੱਸਣ ਯੋਗ ਹੈ ਕਿ ਅੱਜ ਛੇ ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਪੱਤਰਕਾਰ ਸੰਦੀਪ ਲਾਧੂਕਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੂੰ ਕੋਈ ਸਵਾਲ ਪੁੱਛਣਾ ਚਾਹਿਆ ਤਾਂ ਵਿਧਾਇਕ ਨੇ ਪੱਤਰਕਾਰ ਨੂੰ ਬਾਹਰ ਆ ਕੇ ਦੇਖ ਲੈਣ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੁਆਲ ਪੁੱਛਣ ਬਦਲੇ ਪੱਤਰਕਾਰਾਂ ਨੂੰ ਧਮਕੀਆਂ ਦੇਣੀਆਂ ਸਿਰੇ ਦੀ ਹੰਕਾਰੀ ਬਿਰਤੀ ਦਾ ਪ੍ਰਗਟਾਵਾ ਹੈ।

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਵੋਟਾਂ ਪਾਈਆਂ ਸਨ ਪਰ ਅਪਰਾਧਕ ਪਿਛੋਕੜ ਵਾਲੇ ਵਿਧਾਇਕ ਜਦੋਂ ਵਿਧਾਨ ਸਭਾ ਦੇ ਅੰਦਰ ਹੀ ਪੱਤਰਕਾਰਾਂ ਨਾਲ ਵੀ ਅਜਿਹਾ ਸਲੂਕ ਕਰਨ ਅਤੇ ਧਮਕੀਆਂ ਦੇਣ ਤੇ ਉੱਤਰ ਆਉਣ ਤਾਂ ਆਮ ਆਦਮੀ ਨਾਲ ਜਿਸ ਤਰ੍ਹਾਂ ਦਾ ਵਰਤਾਓ ਹੋਵੇਗਾ, ਇਸ ਦਾ ਅੰਦਾਜ਼ਾ ਹੀ ਲਗਾਇਆ ਜਾ ਸਕਦਾ ਹੈ। ਉਨਾਂ ਨੇ ਵਿਧਾਨ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਕਿ ਪੱਤਰਕਾਰ ਨੂੰ ਦਿੱਤੀਆਂ ਗਈਆਂ ਧਮਕੀਆਂ ਦਾ ਨੋਟਿਸ ਲੈਂਦੇ ਹੋਏ ਵਿਧਾਇਕ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

×