ਚੰਡੀਗੜ੍ਹ, 20 ਅਪ੍ਰੈਲ, 2024:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜਿਲ੍ਹਾ ਅਧੀਨ ਪੈਂਦੇ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸ ਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚ ਦਿੱਤੀ ਸੀ ਪਰ ਉਸ ਨੇ ਵੇਚੀ ਗਈ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਇਸ ਸਬੰਧੀ ਪਹਿਲਾਂ ਵੀ 2000 ਰੁਪਏ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ |