ਈਸੜੂ (ਖੰਨਾ), 16 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਧੱਕਿਆ ਤੇ ਪਿਛਲੇ ਸਾਢੇ ਸੱਤ ਸਾਲਾਂ ਤੋਂ ਸਾਰੇ ਵਿਕਾਸ ਕਾਰਜ ਠੱਪ ਰਹੇ ਹਨ।
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ’ਤੇ ਉਹਨਾਂ ਦੇ ਪਿੰਡ ਵਿਚ ਵਿਸ਼ਾਲ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਵਰਗੇ ਪੰਜਾਬੀਆਂ ਨੇ ਦੇਸ਼ ਵਾਸਤੇ ਆਪਣਾ ਸਭ ਕੁਝ ਵਾਰ ਦਿੱਤਾ। ਉਹਨਾਂ ਕਿਹਾ ਕਿ ਸ਼ਹੀਦ ਨੇ ਜਿਥੇ ਗੋਆ ਦੀ ਆਜ਼ਾਦੀ ਵਾਸਤੇ ਸਰਵਉਚ ਸ਼ਹਾਦਤ ਦਿੱਤੀ, ਸਿੱਖਾਂ ਨੇ ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਅੰਗਰੇਜ਼ਾਂ ਨੇ 121 ਲੋਕਾਂ ਨੂੰ ਫਾਂਸੀ ਲਗਾਈ ਜਿਸ ਵਿਚੋਂ 93 ਸਿੱਖ ਸਨ। ਇਸੇ ਤਰੀਕੇ 2646 ਲੋਕਾਂ ਨੂੰ ਅੰਡੇਮਾਨ ਨਿਕੋਬਾਰ ਟਾਪੂ ’ਤੇ ਉਮਰ ਕੈਦ ਵਿਚ ਰੱਖਿਆ ਜਿਸ ਵਿਚੋਂ 2147 ਸਿੱਖ ਸਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੋਵਾਂ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਧੱਕ ਦਿੱਤਾ ਹੈ। ਉਹਨਾਂ ਕਿਹਾ ਕਿ 2017 ਵਿਚ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਸਿਰ ਕਰਜ਼ਾ 1.80 ਲੱਖ ਕਰੋੜ ਰੁਪਏ ਸੀ ਜੋ ਕਾਂਗਰਸ ਸਰਕਾਰ ਵੇਲੇ ਵੱਧ ਕੇ 2.80 ਲੱਖ ਕਰੋੜ ਰੁਪਏ ਹੋ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਹੁਣ ਇਕੱਲਿਆਂ ਢਾਈ ਸਾਲਾਂ ਵਿਚ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸਾਲਾਨਾ ਇਸ਼ਤਿਹਾਰਬਾਜ਼ੀ ’ਤੇ ਇਕ ਹਜ਼ਾਰ ਕਰੋੜ ਰੁਪਏ ਬਰਬਾਦ ਕੀਤੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹਣ ਵਾਸਤੇ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰ ਕੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜਦੋਂ ਕਿ ਮੁਹੱਲਾ ਕਲੀਨਿਕ ਲੋਕਾਂ ਨੂੰ ਕੋਈ ਸਿਹਤ ਸਹੂਲਤ ਨਹੀਂ ਦੇ ਸਕੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਨਾ ਤਾਂ ਕੋਈ ਸੜਕ ਪ੍ਰਾਜੈਕਟ ਨਵਾਂ ਵਿਕਸਤ ਕੀਤਾ ਬਲਕਿ ਇਸ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦਾ ਮੁਆਵਜ਼ਾ ਨਾ ਦੇਣ ਕਾਰਣ ਸੂਬੇ ਵਿਚ ਐਕਸਪ੍ਰੈਸ ਹਾਈਵੇ ਪ੍ਰਾਜੈਕਟ ਰੱਦ ਹੋ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨਵੇਂ ਬਿਜਲੀ ਪਲਾਂਟ ਲਾਉਣ ਵਿਚ ਵੀ ਨਾਕਾਮ ਸਾਬਤ ਹੋਈ ਹੈ।
ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਵੇਲੇ 30 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਸੀ ਅਤੇ ਤਿੰਨ ਨਵੇਂ ਥਰਮਲ ਪਲਾਂਟ ਲਗਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ।
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਹੀ ਨਵੇਂ ਹਵਾਈ ਅੱਡੇ ਸਥਾਪਿਤ ਕੀਤੇ ਤੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਤੇ ਮੁਫਤ ਆਟਾ ਦਾਲ ਅਤੇ ਸ਼ਗਨ ਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਅਸੀਂ ਐਸ ਸੀ ਸਕਾਲਰਸ਼ਿਪ ਸ਼ੁਰੂ ਕੀਤੀ ਜਿਸ ਤਹਿਤ ਸਾਲਾਨਾ 3.5 ਲੱਖ ਐਸ ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਜਦੋਂ ਕਿ ਹੁਣ ਸਿਰਫ ਇਕ ਲੱਖ ਐਸ ਸੀ ਵਿਦਿਆਰਥੀਆਂ ਨੂੰ ਸਾਲਾਨਾ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਮਿਡ ਡੇਅ ਮੀਲ ਘੁਟਾਲੇ ਵਰਗੇ ਘੁਟਾਲੇ ਹੋਏ ਜਿਸ ਤਹਿਤ ਦੁੱਧ ਪਿਆਉਂਦੀਆਂ ਮਾਵਾਂ ਨੂੰ ਖੁਰਾਕ ਸਪਲਾਈ ਕਰਨ ਦਾ ਠੇਕਾ ਸਰਕਾਰੀ ਕੰਪਨੀ ਵੇਰਕਾ ਤੋਂ ਵਾਪਸ ਲੈ ਕੇ ਪ੍ਰਾਈਵੇਟ ਵਪਾਰੀਆਂ ਨੂੰ ਦੇ ਦਿੱਤਾ ਗਿਆ ਅਤੇ ਇਹ ਇਕ ਬਲੈਕ ਲਿਸਟ ਕੰਪਨੀ ਨੂੰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨਾਂ ਨੂੰ ਡੀ ਏ ਪੀ ਸਪਲਾਈ ਕਰਨ ਦਾ ਠੇਕਾ ਵੀ ਪ੍ਰਾਈਵੇਟ ਖਿਡਾਰੀਆਂ ਨੂੰ ਦਿੱਤਾ ਗਿਆ ਜਿਸਦੇ ਨਤੀਜੇ ਵਜੋਂ 65 ਫੀਸਦੀ ਸੈਂਪਲ ਫੇਲ੍ਹ ਹੋ ਗਏ ਹਨ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸੇਵਾ ਕੇਂਦਰ ਤੇ ਦਵਾਈਆਂ ਦੀਆਂ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਗੁੰਡਾ ਰਾਜ ਸਥਾਪਿਤ ਹੋਣ ਦੀ ਪ੍ਰਧਾਨਗੀ ਕੀਤੀ।
ਪੰਜਾਬ ਨਾਲ ਹੋਏ ਵਿਤਕਰੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਾਡੀ ਰਾਜਧਾਨੀ ਚੰਡੀਗੜ੍ਹ ਸਾਡੇ ਤੋਂ ਖੋਹ ਲਈ ਗਈ ਜਿਵੇਂ ਕਿ ਸਾਡੇ ਤੋਂ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ ਤੇ ਸਾਡੇ ਦਰਿਆਈ ਪਾਣੀ ਖੋਹੇ ਗਏ।
ਉਹਨਾਂ ਕਿਹਾ ਕਿ ਇਸੇ ਤਰੀਕੇ ਸਿੱਖ ਕੌਮ ਨੂੰ 1984 ਦੇ ਸਿੱਖ ਕਤਲੇਆਮ ਦਾ ਕੋਈ ਨਿਆਂ ਨਹੀਂ ਮਿਲਿਆ, ਇਸਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਖੋਹਿਆ ਜਾ ਰਿਹਾਹੈ। ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਜਿਸਦੇ ਮੈਂਬਰਾਂ ਦੀ ਚੋਣ ਦੀ ਥਾਂ ਇਹਨਾਂ ਨੂੰ ਹਰਿਆਣਾ ਸਰਕਾਰ ਨਾਮਜ਼ਦ ਕਰ ਰਹੀ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਨੂੰ ਅੰਦਰ ਬੈਠੇ ਗੱਦਾਰ ਹੀ ਕਮਜ਼ੋਰ ਕਰਨ ਦੇ ਯਤਨ ਕਰ ਰਹੇ ਹਨ। ਉਹਨਾਂ ਨੇ ਸਿੱਖ ਕੌਮ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸਰਵ ਪੱਖੀ ਵਿਕਾਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਯਾਦਵਿੰਦਰ ਸਿੰਘ ਯਾਦੂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।