ਚੰਡੀਗੜ੍ਹ, 13 ਦਸੰਬਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਸਮਾਪਤੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਇੱਥੇ ਇੱਕ ਬਿਆਨ ਵਿੱਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਨੂੰ ਵੀ ਦਖਲ ਦੇਣ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ। ਕਿਸਾਨ ਆਗੂ ਦੀ ਸਿਹਤ ਨਾਜ਼ੁਕ ਹੋਣ ‘ਤੇ ਜ਼ੋਰ ਦਿੰਦਿਆਂ ਸ: ਮਜੀਠੀਆ ਨੇ ਕਿਹਾ ਕਿ ‘ਡੱਲੇਵਾਲ ਸਾਹਬ ਦਾ ਖੂਨ ਤੁਹਾਡੇ ਹੱਥਾਂ ‘ਤੇ ਨਾ ਲੱਗੇ। ਉਸਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਉੱਚ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ‘ਅੰਨਦਾਤਾ’ ਦੀ ਕੀਮਤ ਨੂੰ ਸਮਝਣਾ ਚਾਹੀਦਾ ਹੈ ਜਿਨ੍ਹਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਇਆ ਹੈ। ਅੱਜ ਉਹੀ ਅੰਨਦਾਤਾ ਮਰਨ ਵਰਤ ‘ਤੇ ਬੈਠਣ ਲਈ ਮਜ਼ਬੂਰ ਹੈ ਪਰ ਸਰਕਾਰ ਕਿਸਾਨ ਭਾਈਚਾਰੇ ਦੇ ਸਮੂਹਿਕ ਦੁੱਖਾਂ ਤੋਂ ਅਵੇਸਲੀ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲਖੀਮਪੁਰ ਖੇੜੀ ਕਤਲ ਕਾਂਡ ਵਿੱਚ ਇਨਸਾਫ਼ ਦਿਵਾਉਣ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਗੱਲੋਂ ਦੁਖੀ ਹਨ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਲੱਖਾਂ ਕਰੋੜਾਂ ਦੇ ਕਰਜ਼ੇ ਮੁਆਫ਼ ਕਰ ਰਹੀ ਹੈ ਪਰ ਕਿਸਾਨੀ ਦੀ ਕੋਈ ਮਦਦ ਕਰਨ ਤੋਂ ਇਨਕਾਰ ਕਰ ਰਹੀ ਹੈ।
ਅਕਾਲੀ ਆਗੂ ਨੇ ਕੇਂਦਰ ਸਰਕਾਰ ਕੋਲ ਆਪਣੀਆਂ ਮੰਗਾਂ ਪੇਸ਼ ਕਰਨ ਲਈ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਜਾਣ ਦੀ ਇਜਾਜ਼ਤ ਨਾ ਦੇਣ ਲਈ ਹਰਿਆਣਾ ਅਤੇ ਕੇਂਦਰ ਸਰਕਾਰਾਂ ਦੀ ਵੀ ਨਿਖੇਧੀ ਕੀਤੀ। ਈ.ਓ.ਐਮ
ਜੰਗਵੀਰ ਸਿੰਘ
ਮੇਰੇ iPhone ਤੋਂ ਭੇਜਿਆ ਗਿਆ