ਚੰਡੀਗੜ੍ਹ, 12 ਜੁਲਾਈ
ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਵਿਰੋਧ ਵਿੱਚ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਅਬੋਹਰ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ।
ਵਿਰੋਧ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਸਮੇਤ ਕਈ ਸੀਨੀਅਰ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ। ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਰਾਜਨੀਤਿਕ ਸੁਰੱਖਿਆ ਦਿੱਤੀ ਜਾ ਰਹੀ ਹੈ। ਇੱਕ ਪਾਸੇ ਭਾਜਪਾ ਕਹਿ ਰਹੀ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ, ਦੂਜੇ ਪਾਸੇ ਜਦੋਂ ‘ਆਪ’ ਸਰਕਾਰ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਭਾਜਪਾ ਆਗੂ ਉਨ੍ਹਾਂ ਗੈਂਗਸਟਰਾਂ ਦੇ ਸਮਰਥਨ ਵਿੱਚ ਖੜ੍ਹੇ ਹੋ ਜਾਂਦੇ ਹਨ। ਇਸ ਦੋਹਰੇ ਮਾਪਦੰਡ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਮਨਜਿੰਦਰ ਸਿਰਸਾ ਅਤੇ ਸਾਰੇ ਭਾਜਪਾ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਭਾਜਪਾ ਗੈਂਗਸਟਰਾਂ ਦੇ ਐਨਕਾਊਂਟਰ ਦਾ ਵਿਰੋਧ ਕਰ ਰਹੀ ਹੈ ਅਤੇ ਇਸਦੇ ਨੇਤਾ ਮਨਜਿੰਦਰ ਸਿਰਸਾ ਪੰਜਾਬ ਸਰਕਾਰ ‘ਤੇ ਗੈਂਗਸਟਰਾਂ ਨੂੰ ਮਾਰਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਧਮਕੀ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ। ਕੇਂਦਰ ਸਰਕਾਰ ਦੀ ਸ਼ਹਿ ‘ਤੇ ਕਿਸੇ ਵੀ ਕਾਰੋਬਾਰੀ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਵਿੱਚ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਦਾ ਕੋਈ ਵਜੂਦ ਨਹੀਂ ਬਚਿਆ। ਇਸੇ ਲਈ ਉਹ ਆਮ ਆਦਮੀ ਪਾਰਟੀ ਦਨੂੰ ਦਬਾਉਣ ਦੀ ਕੋਸ਼ਿਸ਼ਾਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਦਾ ਸੰਕਲਪ ਲਿਆ ਹੈ। ਜਦੋਂ ਕਿ ਕੇਂਦਰ ਸਰਕਾਰ ਅਤੇ ਪੂਰੀ ਭਾਜਪਾ ਗੈਂਗਸਟਰਾਂ ਨੂੰ ਪਨਾਹ ਦੇ ਰਹੀ ਹੈ। ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਭਾਜਪਾ ਦੀ ਘਟੀਆ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਤਿੰਨੋਂ ਇੱਕੋ ਜਿਹੇ ਹਨ। ਇਹ ਪਾਰਟੀਆਂ ਪੰਜਾਬ ਦੀ ਖੁਸ਼ਹਾਲੀ ਤੋਂ ਖੁਸ਼ ਨਹੀਂ ਹਨ। ਪਰ ਹੁਣ ਉਨ੍ਹਾਂ ਨੂੰ ਜਨਤਾ ਨੂੰ ਜਵਾਬ ਦੇਣਾ ਪਵੇਗਾ।
‘ਆਪ’ ਆਗੂਆਂ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ ਵਿੱਚ ਕੋਈ ਕੰਮ ਨਹੀਂ ਹੈ। ਇਸੇ ਲਈ ਉਹ ਹਮੇਸ਼ਾ ਕਿਸੇ ਨਾ ਕਿਸੇ ਮੁੱਦੇ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰ ‘ਆਪ’ ਸਰਕਾਰ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਪੀੜਤ ਹੈ, ਚਾਹੇ ਉਹ ਗੈਂਗਸਟਰਵਾਦ ਹੋਵੇ, ਨਸ਼ਾ ਹੋਵੇ ਜਾਂ ਪਾਣੀ ਦਾ ਮਸਲਾ ਹੋਵੇ, ਹਮੇਸ਼ਾ ਪੰਜਾਬ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕਰਕੇ ਵਿਰੋਧੀ ਪਾਰਟੀਆਂ ਪ੍ਰੇਸ਼ਾਨ ਹਨ।