ਪੰਜਾਬ ਵਿਜੀਲੈਂਸ ਬਿਊਰੋ (VB) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਉਤਪਾਦਨ ਯੂਨਿਟ ਚਲਾਉਂਦਾ ਹੈ। ਇਸ ਸਬੰਧ ਵਿੱਚ, ਸ਼ਿਕਾਇਤਕਰਤਾ ਨੇ ਪ੍ਰੋਡਕਸ਼ਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਜਿਸਦੇ ਤਹਿਤ ਉਪਰੋਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕੀਤੀ ਸੀ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।