ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਨੂੰ ਲੈ ਕੇ ਅਪਣਾਇਆ ਜਾ ਰਿਹਾ ਵਤੀਰਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ। ਇਹ ਕੋਈ ਆਮ ਪ੍ਰਤੀਕਿਰਿਆ ਨਹੀਂ, ਸਗੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਅਤੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੀਨੀਅਰ ਆਗੂ ਅਤੇ ਮੋਗਾ ਤੋਂ ਹਲਕਾ ਇੰਚਾਰਜ ਰਛਪਾਲ ਸਿੰਘ ਸੋਸਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਛਪਾਲ ਸਿੰਘ ਸੋਸਣ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਦੁਨੀਆ ਭਰ ਵਿੱਚ ਬੈਠੇ ਕਰੋੜਾਂ ਸਿੱਖਾਂ ਦੀ ਆਸਥਾ, ਸ਼ਕਤੀ ਅਤੇ ਨਿਆਂ ਦਾ ਕੇਂਦਰ ਹੈ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਹਾਕਮ ਨੇ ਅਹੰਕਾਰ ਵਿੱਚ ਆ ਕੇ ਇਸ ਸਰਵਉੱਚ ਤਖ਼ਤ ਨਾਲ ਟਕਰਾਅ ਦੀ ਨੀਤੀ ਅਪਣਾਈ ਹੈ, ਉਸ ਨੂੰ ਮੂੰਹ ਦੀ ਖਾਣੀ ਪਈ ਹੈ।
ਉਨ੍ਹਾਂ ਕਿਹਾ ਕਿ “ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਦੀਆਂ ਹਦਾਇਤਾਂ ਅਤੇ ਫੈਸਲਿਆਂ ਨੂੰ ਸਿਆਸੀ ਚਸ਼ਮੇ ਨਾਲ ਦੇਖਣਾ ਅਤੇ ਉਨ੍ਹਾਂ ‘ਤੇ ਸਵਾਲ ਖੜ੍ਹੇ ਕਰਨਾ ਸਿੱਖ ਮਰਿਆਦਾ ਤੇ ਪ੍ਰੰਪਰਾਵਾਂ ਦਾ ਘੋਰ ਅਪਮਾਨ ਹੈ। ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਪੰਜਾਬ ਦੇ ਸ਼ਾਂਤ ਮਾਹੌਲ ਵਿੱਚ ਸਿਆਸੀ ਰੋਟੀਆਂ ਸੇਕਣਾ ਚਾਹੁੰਦੀ ਹੈ।”
ਵਾਰਿਸ ਪੰਜਾਬ ਦੇ ਆਗੂ ਨੇ ਪੰਜਾਬ ਸਰਕਾਰ ਦੀ ਨੀਅਤ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੌਜੂਦਾ ਹਕੂਮਤ ਦਿੱਲੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ। ਪੰਜਾਬ ਦੇ ਅਸਲ ਮੁੱਦਿਆਂ ਜਿਵੇਂ ਨਸ਼ਾ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਖਰਾਬ ਕਾਨੂੰਨ ਵਿਵਸਥਾ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਧਾਰਮਿਕ ਮੁੱਦਿਆਂ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਸਾਰਿਆਂ ਲਈ ਸਭ ਤੋਂ ਪਹਿਲਾਂ ਹਨ ।
ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਰਛਪਾਲ ਸਿੰਘ ਸੋਸਣ ਨੇ ਸਮੂਹ ਪੰਥਕ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਰਾਖੀ ਲਈ ਇੱਕਜੁੱਟ ਹੋਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਸਰਕਾਰ ਦੇ ਇਸ ਲੋਕ-ਵਿਰੋਧੀ ਤੇ ਪੰਥ-ਵਿਰੋਧੀ ਰਵੱਈਏ ਖ਼ਿਲਾਫ਼ ਹਲਕਾ ਮੋਗਾ ਤੇ ਸਮੁੱਚੇ ਪੰਜਾਬ ਦੇ ਪਿੰਡ-ਪਿੰਡ ਜਾ ਕੇ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ ।
