ਹਲਕਾ ਅਮਲੋਹ ਦੇ ਸਿਆਸੀ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ਼ ਲਗਾਤਾਰ ਉੱਚਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਰਾਏਪੁਰ ਚੋਬਦਾਰਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਇਲਾਕੇ ਦੇ ਪ੍ਰਭਾਵਸ਼ਾਲੀ ਅਤੇ ਟਕਸਾਲੀ ਸਿਆਸੀ ਆਗੂ ਸ. ਹਰਬੰਸ ਸਿੰਘ (ਸਾਬਕਾ ਸਰਪੰਚ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਪਲੈਨਿੰਗ ਬੋਰਡ ਚੇਅਰਮੈਨ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸ. ਹਰਬੰਸ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਹਿ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਇਤਿਹਾਸਕ ਫੈਸਲਿਆਂ ਅਤੇ ਹਲਕਾ ਅਮਲੋਹ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਹੋ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਦੀ ਬਦੌਲਤ ਅੱਜ ਦੂਜੀਆਂ ਪਾਰਟੀਆਂ ਦੇ ਸੂਝਵਾਨ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਹਰਬੰਸ ਸਿੰਘ ਜੀ ਵਰਗੇ ਤਜਰਬੇਕਾਰ ਆਗੂ ਦੇ ਪਾਰਟੀ ਵਿੱਚ ਆਉਣ ਨਾਲ ਪਿੰਡ ਰਾਏਪੁਰ ਚੋਬਦਾਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਵੀ ਵੱਡੀ ਮਜ਼ਬੂਤੀ ਮਿਲੇਗੀ।
ਵਿਧਾਇਕ ਬੜਿੰਗ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਇੱਕੋ-ਇੱਕ ਮਕਸਦ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਅਤੇ ਹਲਕੇ ਦੇ ਹਰ ਨਾਗਰਿਕ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਸ. ਹਰਬੰਸ ਸਿੰਘ ਨੇ ਕਿਹਾ ਕਿ ਉਹ ਮਾਨ ਸਰਕਾਰ ਦੀ ਕਾਰਜਸ਼ੈਲੀ ਅਤੇ ਵਿਧਾਇਕ ਗੈਰੀ ਬੜਿੰਗ ਵੱਲੋਂ ਹਲਕੇ ਦੀ ਦਿਨ-ਰਾਤ ਕੀਤੀ ਜਾ ਰਹੀ ਸੇਵਾ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਪ੍ਰਣ ਕੀਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
