ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਲਾਇਕੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਇਸ ਨੂੰ ਸਰਕਾਰ ਦੇ ‘ਬਦਲਾਅ’ ਦੇ ਦਾਅਵਿਆਂ ਦੀ ਫੋਕੀ ਹਕੀਕਤ ਕਰਾਰ ਦਿੱਤਾ ਹੈ।
ਸੂਬਾ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਦੀ ਗਰੁੱਪ-ਬੀ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਅਤੇ ਫਰੀਦਕੋਟ ਦੇ ਫਾਰਮੇਸੀ ਅਫ਼ਸਰਾਂ ਦੀ ਭਰਤੀ ਵਿੱਚ ਹਾਈ-ਟੈਕ ਨਕਲ ਮਾਮਲੇ ਨੂੰ ਲੈ ਕੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਅਤੇ ਚੁੱਪੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਢਿੱਲੋਂ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਵੱਲੋਂ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ‘ਗਰੁੱਪ ਬੀ’ ਦੇ ਅਧਿਕਾਰੀਆਂ ਦੀ ਭਰਤੀ ਪ੍ਰੀਖਿਆ ਵਿੱਚ ਪੇਪਰ ਲੀਕ ਹੋਇਆ ਅਤੇ ਮਾਮਲੇ ਦੀ ਜਾਂਚ ਛੇ ਮਹੀਨੇ ਬਾਅਦ ਵੀ ਕਿਸੇ ਤਣ ਪੱਤਣ ਨਾ ਲੱਗਣਾ ਸਰਕਾਰ ਦੇ ਭ੍ਰਿਸ਼ਟ ਤੇ ਵੱਡੀ ਨਾਕਾਮੀ ਦਾ ਸਬੂਤ ਹੈ। ਕਰੀਬ 1 ਲੱਖ ਨੌਜਵਾਨਾਂ ਦੇ ਭਵਿੱਖ ਨਾਲ ਸਰਕਾਰ ਨੇ ਖਿਲਵਾੜ ਕੀਤਾ ਤੇ ਚੁਣਪੁ ਸਾਧੀ ਹੋਈ ਹੈ ।
ਕੇਵਲ ਸਿੰਘ ਢਿੱਲੋਂ ਨੇ ਫਰੀਦਕੋਟ ਦੇ ਫਾਰਮੇਸੀ ਨਕਲ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਪੈੱਨ ਕੈਮਰਿਆਂ ਅਤੇ ਬਲੂਟੁੱਥ ਉਪਕਰਨਾਂ ਰਾਹੀਂ 3.5 ਲੱਖ ਤੋਂ 13 ਲੱਖ ਰੁਪਏ ਤੱਕ ਵਸੂਲ ਕੇ ਸਰਕਾਰੀ ਨੌਕਰੀਆਂ ਬੋਲੀਆਂ ਵਾਂਗ ਵੇਚੀਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਤੱਕ ਨਾ ਹੋਣਾ ਸਰਕਾਰੀ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਹੈ। ਉਹਨਾਂ ਸਵਾਲ ਕੀਤਾ ਕਿ ਹਰ ਗੱਲ ‘ਤੇ ‘ਕੱਟੜ ਇਮਾਨਦਾਰੀ’ ਦਾ ਹੋਕਾ ਦੇਣ ਵਾਲੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਚੁੱਪ ਕਿਉਂ ਹਨ। ਪੰਜਾਬ ਦੇ ਸਿਹਤ ਅਤੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਤੁਰੰਤ ਲਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਬੇਈਮਾਨੀ ਸਭ ਦੇ ਸਾਹਮਣੇ ਆ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।
ਢਿੱਲੋਂ ਨੇ ਕਿਹਾ ਕਿ ਦੂਜੇ ਪਾਸੇ ਨੀਟ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਤੁਰੰਤ ਕਰਵਾਈ ਕਰਦਿਆਂ ਸੀਬੀਆਈ ਜਾਂਚ ਕਰਵਾਈ, 13 ਦੋਸ਼ੀ ਗ੍ਰਿਫ਼ਤਾਰ ਹੋਏ। ਦੋਸ਼ੀਆਂ ਨੂੰ ਸਖਤ ਸਜ਼ਾ ਲਈ ਫਾਸਟ ਟਰੈਕ ਅਦਾਲਤ ਬਣਾਉਣ ਤੇ ਅਜਿਹੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਿੱਲ ਵੀ ਪਾਰਲੀਮੈਂਟ ਵਿੱਚ ਲਿਆਂਦਾ ਜਾ ਰਿਹਾ ਹੈ। ਕੇਂਦਰ ਦੀ ਭਾਜਪਾ ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਹਰ ਯੋਗ ਕਦਮ ਚੁੱਕ ਰਹੀ ਹੈ।
