ਹਰ ਬੇਘਰੇ ਅਤੇ ਲੋੜਵੰਦ ਪਰਿਵਾਰ ਦਾ ਆਪਣਾ ਘਰ ਹੋਣ ਦਾ ਸੁਪਨਾ ਹੋ ਰਿਹਾ ਹੈ ਸਾਕਾਰ: ਵਿਧਾਇਕ ਗੈਰੀ ਬੜਿੰਗ
ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਅਤੇ ਗਰੀਬਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਘੁਟੀਡ ਵਿਖੇ ਲੋੜਵੰਦ ਪਰਿਵਾਰਾਂ ਨੂੰ 2-2 ਮਰਲੇ ਪਲਾਟਾਂ ਦੀਆਂ ਸਨਦਾਂ ਵੰਡੀਆਂ ਗਈਆਂ ਅਤੇ ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਕੀਤਾ ਗਿਆ। ਪਲਾਟ ਮਿਲਣ ‘ਤੇ ਲਾਭਪਾਤਰੀ ਪਰਿਵਾਰਾਂ ਦੇ ਚਿਹਰਿਆਂ ‘ਤੇ ਭਾਰੀ ਖੁਸ਼ੀ ਦੇਖਣ ਨੂੰ ਮਿਲੀ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਸਾਰਿਆਂ ਨੂੰ ਨਵੇਂ ਪਲਾਟਾਂ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਬੇਘਰੇ ਅਤੇ ਲੋੜਵੰਦ ਪਰਿਵਾਰ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਹੋਵੇ। ਪਿਛਲੀਆਂ ਸਰਕਾਰਾਂ ਨੇ ਗਰੀਬਾਂ ਨੂੰ ਸਿਰਫ਼ ਲਾਰੇ ਲਗਾਏ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਜ਼ਮੀਨੀ ਪੱਧਰ ‘ਤੇ ਕਰਕੇ ਦਿਖਾਉਂਦੀ ਹੈ।
ਵਿਧਾਇਕ ਬੜਿੰਗ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਆਮ ਆਦਮੀ ਪਾਰਟੀ ਦੇ ਆਗੂ, ਵਾਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

