ਰਾਸ਼ਟਰੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਸਮਾਧਾਨ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ ਜੁੜਾਅ ਨੂੰ ਮਜ਼ਬੂਤ ਕਰ ਰਿਹਾ ਹੈ। ਯੂਟੀ ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਸਾਹਮਣੇ ਲਗਭਗ 7,000 ਸ਼ਿਕਾਇਤਾਂ ਲੰਬਿਤ ਹਨ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਪ੍ਰਯਾਸ ਕੀਤੇ ਜਾ ਰਹੇ ਹਨ।
ਸ਼੍ਰੀ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਚੰਡੀਗੜ੍ਹ ਦੌਰੇ ਦਾ ਉਦੇਸ਼ ਪੰਜਾਬ ਵਿੱਚ ਘੱਟਗਿਣਤੀ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਅਤੇ ਸੁਝਾਅ ਇਕੱਤਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੇ ਦੇਸ਼ ਭਰ ਦੇ ਵਿਭਿੰਨ ਵਰਗਾਂ ਅਤੇ ਹਿਤਧਾਰਕਾਂ ਨਾਲ ਸੰਪਰਕ ਸਾਧਣਾ ਸ਼ੁਰੂ ਕੀਤਾ ਹੈ ਅਤੇ ਉਨ੍ਹਾਂ ਦੇ ਸਮਾਜਿਕ, ਧਾਰਮਿਕ, ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ ਨੂੰ ਸਮਝਣ ਲਈ ਸਮੁਦਾਇ ਦੇ ਪ੍ਰਤੀਨਿਧੀਆਂ ਨਾਲ ਸੰਵਾਦ ਜਾਰੀ ਰੱਖੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਕਮਿਸ਼ਨ ਦੇ ਅਧਿਕਾਰ ਖੇਤਰ ਦੇ ਅੰਦਰ ਸਾਰੀਆਂ
ਵਾਸਤਵਿਕ ਸ਼ਿਕਾਇਤਾਂ ਅਤੇ ਸੁਝਾਵਾਂ ਦੀ ਸਮੀਖਿਆ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸੁਤੰਤਰਤਾ ਅਤੇ ਸਾਰੇ ਭਾਈਚਾਰਿਆਂ ਲਈ ਸਮਾਨ ਸਨਮਾਨ ਸੁਨਿਸ਼ਚਿਤ ਕਰਨਾ ਇੱਕ ਮਹੱਤਵਪੂਰਨ ਸੰਵਿਧਾਨਕ ਸਿਧਾਂਤ ਹੈ। ਕੁਝ ਹੋਰ ਦੇਸ਼ਾਂ ਦੀ ਸਥਿਤੀ ਦਾ ਉਲੇਖ ਕਰਦੇ ਹੋਏ ਸ਼੍ਰੀ ਗਰੇਵਾਲ ਨੇ ਕਿਹਾ ਕਿ ਭਾਰਤ ਇੱਕ ਅਜਿਹਾ ਮਾਹੌਲ ਪ੍ਰਦਾਨ ਕਰਦਾ ਹੈ ਜਿੱਥੇ ਵਿਭਿੰਨ ਧਰਮਾਂ ਦੇ ਲੋਕ ਸਨਮਾਨ ਅਤੇ ਸੁਰੱਖਿਆ ਨਾਲ ਸੁਤੰਤਰਤਾਪੂਰਵਕ ਆਪਣੇ ਧਰਮ ਦਾ ਪਾਲਨ ਕਰ ਸਕਦੇ ਹਨ।
ਸਿੱਖ ਬੰਦੀਆਂ ਅਤੇ ਉਨ੍ਹਾਂ ਦੀ ਪੈਰੋਲ ਨਾਲ ਜੁੜੇ ਮੁੱਦਿਆਂ ‘ਤੇ ਸ਼੍ਰੀ ਗਰੇਵਾਲ ਨੇ ਕਿਹਾ ਕਿ ਅਜਿਹੇ ਮਾਮਲੇ ਕਾਨੂੰਨ ਵਿਵਸਥਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਅਤੇ ਇਨ੍ਹਾਂ ਨਾਲ ਲਾਗੂ ਕਾਨੂੰਨੀ ਢਾਂਚੇ ਦੇ ਤਹਿਤ ਨਿਪਟਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਦੀ ਸਮੀਖਿਆ ਕਰਨ ਅਤੇ ਉਚਿਤ ਸਮਾਧਾਨ ਤੱਕ ਪਹੁੰਚਣ ਲਈ ਕਮਿਸ਼ਨ
ਆਪਣੇ ਦਾਇਰੇ ਵਿੱਚ ਹਰ ਸੰਭਵ ਪ੍ਰਯਾਸ ਕਰੇਗਾ।
ਸ਼੍ਰੀ ਗਰੇਵਾਲ ਨੇ ਸ੍ਰੀ ਹੇਮਕੁੰਟ ਸਾਹਿਬ ਸਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਮਾਣ ਅਤੇ ਸੁਚਾਰੂ ਯਾਤਰਾ ਸੁਨਿਸ਼ਚਿਤ ਕਰਨ ‘ਤੇ ਵੀ ਜ਼ੋਰ ਦਿੱਤਾ। ਉੱਤਰਾਖੰਡ ਵਿੱਚ ਤੀਰਥ ਯਾਤਰੀਆਂ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਗੱਲਬਾਤ, ਨਿਰਧਾਰਿਤ ਪ੍ਰਕਿਰਿਆ ਅਤੇ ਸਬੰਧਿਤ ਅਧਿਕਾਰੀਆਂ ਦੇ ਦਰਮਿਆਨ
ਤਾਲਮੇਲ ਦੇ ਜ਼ਰੀਏ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਅਤ ਅਤੇ ਸਨਮਾਨਜਨਕ ਤੀਰਥ ਯਾਤਰਾ ਲਈ ਪ੍ਰਭਾਵੀ ਪ੍ਰਬੰਧ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਘੱਟਗਿਣਤੀ ਅਧਿਕਾਰਾਂ ਦੀ ਰੱਖਿਆ ਅਤੇ ਸਸ਼ਕਤੀਕਰਣ ਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੰਵਾਦ, ਸਲਾਹ-ਮਸ਼ਵਰੇ ਅਤੇ ਸੰਸਥਾਗਤ ਤੰਤਰ ਦੇ ਜ਼ਰੀਏ ਕੰਮ ਕਰਦਾ ਰਹੇਗਾ। ਉਨ੍ਹਾਂ ਨੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਵਿਭਿੰਨ ਭਾਈਚਾਰਿਆਂ ਦੇ ਪ੍ਰਤੀਨਿਧੀਆਂ ਅਤੇ ਹਿਤਧਾਰਕਾਂ ਦਾ
ਧੰਨਵਾਦ ਕੀਤਾ।
ਕਾਨਫਰੰਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਮਾਜਿਕ ਨਿਆਂ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਵੀ ਸ਼ਮੂਲੀਅਤ ਕੀਤੀ।
